ਸੁਨਾਮ ਊਧਮ ਸਿੰਘ ਵਾਲਾ, 4 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) -ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੰਜਾਬ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਬਦਲਾਅ ਦੇ ਵਾਅਦੇ ਦੀ ਬਜਾਏ ਹਕੀਕਤ ਵਿਚ ਮਿਲੀ ਨਿਰਾਸ਼ਾ ਹੀ ਪੱਲੇ ਪਈ ਹੈ | ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਿਨ੍ਹਾਂ ਲੋਕਾਂ ਨੂੰ ਪੰਜਾਬ ਦੀ ਨੁਮਾਇੰਦਗੀ ਲਈ ਰਾਜ ਸਭਾ ਵਿਚ ਭੇਜਿਆ ਗਿਆ ਉਨ੍ਹਾਂ ਨੇ ਪੰਜਾਬ ਦੇ ਮੁੱਦਿਆਂ ਦੀ ਕੋਈ ਗੱਲ ਹੀ ਨਹੀਂ ਕੀਤੀ | ਇਨ੍ਹਾਂ ਹੀ ਨਹੀ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਆਵਾਜ਼ ਬਣਨ ਦੀ ਬਜਾਏ ਆਮ ਆਦਮੀ ਪਾਰਟੀ ਨੇ ਬਾਹਰਲੇ ਚਿਹਰਿਆਂ ਨੂੰ ਅੱਗੇ ਲਿਆ ਕੇ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ | ਅੱਜ ਹਾਲਾਤ ਇਹ ਹਨ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੀ ਹੀ ਪਾਰਟੀ ਦੇ ਮੈਂਬਰ ਨੂੰ ਬੋਲਣ ਦਾ ਸਮਾਂ ਨਾਂ ਦੇ ਕੇ ਇਹ ਸਾਬਤ ਕਰ ਦਿੱਤਾ ਗਿਆ ਹੈ ਕਿ ਇਹ ਲੋਕ ਆਪਣੀ ਹੀ ਚੋਣ 'ਤੇ ਵਿਸ਼ਵਾਸ ਨਹੀਂ ਕਰਦੇ | ਇਹ ਸਿਰਫ਼ ਇੱਕ ਗ਼ਲਤੀ ਨਹੀਂ, ਸਗੋਂ ਪੰਜਾਬ ਨਾਲ ਕੀਤਾ ਗਿਆ ਵੱਡਾ ਧੋਖਾ ਹੈ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੇ ਫੈਸਲਾ ਕਰਨਾ ਹੈ ਕੀ ਅਸੀਂ ਇਸ ਧੋਖੇਬਾਜ਼ੀ ਦੀ ਸਿਆਸਤ ਨੂੰ ਹੋਰ ਸਹਿਣਾ ਹੈ ਜਾਂ ਆਪਣੇ ਹੱਕਾਂ ਲਈ ਖੜ੍ਹਾ ਹੋਣਾ ਹੈ?