ਲਹਿਰਾਗਾਗਾ, 6 ਅਪ੍ਰੈਲ (ਅਸ਼ੋਕ ਗਰਗ) - ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖ਼ੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ | ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ | ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਦਿੱਤੇ ਗਏ | ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਲਿਆਂਦਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਣ ਅਤੇ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ | ਇਨ੍ਹਾਂ ਸੰਵਾਦ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਜਤਾਈ |