ਮਲੇਰਕੋਟਲਾ, 6 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ਼ ਥਿੰਦ)-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਤੇ ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖ਼ਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਵਿਤ ਆਮਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ ਕਰੀਬ 2 ਲੱਖ 47 ਹਜ਼ਾਰ ਮੈਟਿ੍ਕ ਟਨ ਕਣਕ ਦੀ ਆਮਦ ਦੀ ਉਮੀਦ ਹੈ | ਉਨ੍ਹਾਂ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਵੱਲੋਂ ਕੁੱਲ 46 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 4 ਮੁੱਖ ਯਾਰਡ, 6 ਸਬ-ਯਾਰਡ ਅਤੇ 36 ਖ਼ਰੀਦ ਕੇਂਦਰ ਸ਼ਾਮਿਲ ਹਨ | ਉਨ੍ਹਾਂ ਖ਼ਰੀਦ ਏਜੰਸੀਆਂ ਤੋਂ ਕਣਕ ਦੀ ਸਟੋਰੇਜ ਲਈ ਲੋੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਸਮੂਹ ਖ਼ਰੀਦ ਕੇਂਦਰਾਂ 'ਤੇ ਸਟਾਫ਼ ਦੀ ਤਾਇਨਾਤੀ ਕਰਨ ਅਤੇ ਮੰਡੀਆਂ ਵਿੱਚ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਖ਼ਰੀਦ ਲਈ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਪਨਗ੍ਰੇਨ, ਮਾਰਕਫੈੱਡ, ਵੇਅਰ ਹਾਊਸ, ਪਨਸਪ ਅਤੇ ਐਫ.ਸੀ.ਆਈ. ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਉਨ੍ਹਾਂ ਨੂੰ ਸੌਂਪੀਆਂ ਮੰਡੀਆਂ ਵਿੱਚ ਸਮੇਂ ਸਿਰ, ਪਾਰਦਰਸ਼ੀ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾਵੇ | ਇਸ ਮੌਕੇ ਐਸ.ਡੀ.ਐਮ ਮਲੇਰਕੋਟਲਾ ਅਨੂ ਗਰਗ, ਐੱਸ.ਡੀ.ਐੱਮ ਅਮਰਗੜ੍ਹ ਹਰਬੰਸ ਸਿੰਘ, ਡੀ.ਐੱਸ.ਪੀ ਸਤੀਸ਼ ਕੁਮਾਰ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਡੇਜੀ ਮਹਿਤਾ ਸਮੇਤ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ |