ਮਲੇਰਕੋਟਲਾ, 6 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀ.ਸੀ. ਦਫ਼ਤਰ ਮਲੇਰਕੋਟਲਾ ਅੱਗੇ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਧਰਨਾ ਲਗਾ ਕੇ ਮੰਗ ਪੱਤਰ ਦਿੱਤਾ ਗਿਆ | ਧਰਨੇ ਦੌਰਾਨ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਖੇਤਰ ਦੇਸ਼ ਦੀ 60% ਆਬਾਦੀ ਦੀ ਉਪਜੀਵਕਾ ਦਾ ਸਾਧਨ ਹੈ ਤੇ 46% ਆਬਾਦੀ ਸਿੱਧੇ ਤੌਰ ਤੇ ਖੇਤੀ ਵਿੱਚ ਲੱਗੀ ਹੋਈ ਹੈ | ਇਹ ਖੇਤਰ ਅੱਜ ਗੰਭੀਰ ਸੰਕਟ ਦਾ ਸ਼ਿਕਾਰ ਹੈ | ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ, ਕਿ੍ਤੀ ਕਿਸਾਨ ਯੂਨੀਅਨ ਦੇ ਆਗੂ ਮਾਨ ਸਿੰਘ ਸੱਦੋਪੁਰ ਸਮੇਤ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ | ਦੂਜਾ ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਪਰ ਫਿਰ ਵੀ ਸਭ ਕੁੱਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ | ਇਹ ਸੰਕਟ ਦੇ ਕਾਰਨ ਸੂਬੇ ਦੀ ਆਰਥਿਕਤਾ ਤੇ ਸਮਾਜਿਕ ਜੀਵਨ ਉੱਪਰ ਵਿਆਪਕ ਪ੍ਰਭਾਵ ਪੈ ਰਿਹਾ ਹੈ | ਕਿਸਾਨਾਂ, ਮਜ਼ਦੂਰਾਂ ਦੀਆਂ ਖੁਦਕੁਸ਼ੀਆਂ, ਹਵਾ, ਪਾਣੀ ਅਤੇ ਜ਼ਮੀਨ ਦਾ ਦੂਸ਼ਿਤ ਹੋਣਾ, ਇਸ ਸੰਕਟ ਦੀ ਉਦਾਹਰਨ ਹੈ | ਸੂਬੇ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਕੇਂਦਰ ਸਰਕਾਰ ਦੇ ਪੱਧਰ ਤੇ ਬਹੁਪੱਖੀ ਕਦਮ ਚੁੱਕਣ ਦੀ ਜ਼ਰੂਰਤ ਹੈ | ਕਰਜ਼ੇ ਤੇ ਆਰਥਿਕ ਤੰਗੀਆਂ ਤੋਂ ਪੀੜਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਵਾਰਸਾਂ ਨੂੰ ਦਸ ਲੱਖ ਰੁਪਏ ਦੀ ਮਾਲੀ ਸਹਾਇਤਾ, ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ, ਸਰਕਾਰੀ, ਸਹਿਕਾਰੀ ਅਤੇ ਪ੍ਰਾਈਵੇਟ ਕਰਜ਼ੇ ਸਮੇਤ, ਸਮੁੱਚੇ ਕਰਜ਼ੇ ਤੇ ਲਕੀਰ ਮਾਰੀ ਜਾਵੇ | ਪਾਣੀ ਅਤੇ ਵਾਤਾਵਰਨ ਸਬੰਧੀ ਮੰਗਾਂ, ਪੰਜਾਬ ਵਿੱਚ ਪਾਣੀ ਦਾ ਸੰਕਟ ਦਿਨੋਂ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ | ਜ਼ਮੀਨ ਹੇਠਲਾ ਪਾਣੀ ਖੇਤੀ ਮਾਹਿਰਾਂ ਦੀ ਰਿਪੋਰਟ ਮੁਤਾਬਕ 2039 ਤੱਕ ਖ਼ਤਮ ਹੋ ਜਾਵੇਗਾ | ਧਰਤੀ ਦੀ ਤੀਜੀ ਪਰਤ ਦਾ ਪਾਣੀ ਮਨੁੱਖ ਤੇ ਜੀਵਾਂ ਦੀ ਸਿਹਤ ਲਈ ਬਹੁਤ ਘਾਤਕ ਹੈ ਕਿਉਂਕਿ ਇਸ ਵਿੱਚ ਆਰਸੇਨਿਕ, ਨਾਈਟਰੇਟ ਤੇ ਮੈਗਨੀਸੀਅਮ ਵਰਗੇ ਮਾੜੇ ਤੱਤ ਮੌਜੂਦ ਹਨ | ਮੌਜੂਦਾ ਸਮੇਂ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਪੀਣ ਵਾਲਾ ਸ਼ੁੱਧ ਪਾਣੀ ਤੱਕ ਉਪਲਬਧ ਨਹੀਂ ਹੈ | ਪੰਜਾਬ ਦਾ ਨਹਿਰੀ ਢਾਂਚਾ ਜ਼ਰਜਰਾ ਹੋ ਚੁੱਕਿਆ ਹੈ | ਦਰਿਆਵਾਂ ਨੂੰ ਦੂਸ਼ਿਤ ਕਰ ਦਿੱਤਾ ਗਿਆ ਹੈ | ਅਜਿਹੇ ਸਮੇਂ ਵਿੱਚ ਪਾਣੀ ਦੀ ਸਾਂਭ ਸੰਭਾਲ ਤੇ ਸ਼ੁੱਧਤਾ ਲਈ ਕੁੱਝ ਠੋਸ ਕਦਮ ਚੁੱਕੇ ਜਾਣ | ਹਰ ਖੇਤ ਲਈ ਨਹਿਰੀ ਪਾਣੀ ਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਪੁੱਜਦਾ ਕਰਨ ਲਈ ਪੁਰਾਣੇ ਨਹਿਰੀ ਢਾਂਚੇ ਦੀ ਮੁੜ ਉਸਾਰੀ | ਹੜ੍ਹਾਂ ਨੂੰ ਕੰਟਰੋਲ ਕਰਨ, ਅਜਾਈ ਜਾ ਰਹੇ ਪਾਣੀ ਨੂੰ ਸੰਭਾਲਣ ਤੇ ਢੁਕਵੀਂ ਭੰਡਾਰਨ ਸਮਰੱਥਾ ਲਈ ਡੈਮਾਂ, ਦਰਿਆਵਾਂ ਤੇ ਹੈਂਡ ਵਰਕਸ ਦੀ ਡੀ-ਸਿਲਟਿੰਗ ਕਰਨ ਦੀ ਜ਼ਰੂਰਤ ਹੈ | ਕੌਮੀ ਖੇਤੀ ਮੰਡੀਕਰਨ ਖਰੜੇ ਨੂੰ ਕੇਂਦਰ ਸਰਕਾਰ ਰੱਦ ਕਰੇ ਤੇ ਮੁਕਤ ਵਪਾਰ ਸਮਝੌਤੇ ਰਾਹੀਂ ਅਮਰੀਕਾ ਤੇ ਯੂਰਪੀ ਯੂਨੀਅਨ ਨਾਲ ਕੀਤੇ ਜਾਣ ਵਾਲੇ ਸਮਝੌਤਿਆਂ ਸਮੇਂ ਖੇਤੀ ਸੈਕਟਰ ਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖਿਆ ਜਾਵੇ | ਖ਼ਰਾਬ ਫ਼ਸਲਾਂ ਦਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ ਦਿੱਤਾ ਜਾਵੇ | ਭਾਰਤ-ਪਾਕਿਸਤਾਨ ਸਰਹੱਦ ਉੱਪਰ ਲੱਗੀ ਕੰਡਿਆਲੀ ਤਾਰ ਨੂੰ ਸਰਹੱਦ ਦੇ ਨਜ਼ਦੀਕ ਲਗਾਇਆ ਜਾਵੇ, ਤਾਰ ਪਰਲੇ ਖੇਤ ਲਈ 30 ਹਜ਼ਾਰ ਰੁਪਏ ਸਾਲਾਨਾ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਕਿਸਾਨ ਆਗੂ ਜਗਤਾਰ ਸਿੰਘ ਰਟੌਲ, ਜਗਰੂਪ ਸਿੰਘ ਖੁਰਦ, ਰਛਪਾਲ ਸਿੰਘ ਰੜ, ਸੁਖਵਿੰਦਰ ਸਿੰਘ ਸਿੱਧੂ ਨਛੱਤਰ ਸਿੰਘ ਝਨੇਰ, ਹਰਿੰਦਰ ਸਿੰਘ ਚੌਂਦਾ, ਤਰਨਪ੍ਰੀਤ ਸਿੰਘ, ਗੁਰਚਰਨ ਸਿੰਘ ਕੁਠਾਲਾ, ਗੁਰਮੀਤ ਕੌਰ ਕੁਠਾਲਾ, ਨਾਜ਼ਮਾ ਰਾਣਵਾਂ ਸਮੇਤ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਆਗੂ ਹਾਜ਼ਰ ਸਨ |