ਧੂਰੀ, 7 ਅਪ੍ਰੈਲ (ਸੁਖਵੰਤ ਸਿੰਘ ਭੁੱਲਰ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਸੰਗਰੂਰ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ., ਲੁਧਿਆਣਾ ਅਤੇ ਡਾਇਰੈਕਟਰ, ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿੰਡ ਭਲਵਾਨ, ਬਲਾਕ ਧੂਰੀ ਵਿਖੇ ਭੂਮੀ ਸੁਪੋਸ਼ਨ ਅਭਿਆਨ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿੱਚ ਪਿੰਡ ਭਲਵਾਨ, ਪਲਾਸੌਰ ਅਤੇ ਸਕਰੋਦੀ ਦੇ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ | ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਜ਼ਮੀਨ ਦੀ ਪੌਸ਼ਟਿਕ ਸਿਹਤ ਅਤੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ | ਡਾ ਰੁਕਿੰਦਰਪਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜੈਵਿਕ ਸਿਹਤ ਵਧਾਉਣ ਲਈ ਦੇਸੀ ਰੂੜੀ ਅਤੇ ਹਰੀ ਖਾਦ ਵਾਲੀਆਂ ਫ਼ਸਲਾਂ ਜਿਵੇਂ ਕਿ ਢੈਂਚਾ, ਸਣ ਅਤੇ ਮੂੰਗੀ ਦੀ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਝੋਨੇ ਦੀ ਸਿਹਤਮੰਦ ਪਨੀਰੀ ਤਿਆਰ ਕਰਨ ਬਾਰੇ ਮੁੱਖ ਨੁਕਤਿਆਂ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਣਕ ਦੇ ਨਾੜ ਨੂੰ ਖੇਤ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਸਿਹਤ ਸੰਭਾਲ ਦਾ ਹੋਕਾ ਵੀ ਦਿੱਤਾ | ਖੇਤੀਬਾੜੀ ਵਿਭਾਗ, ਧੂਰੀ ਦੇ ਅਧਿਕਾਰੀਆਂ ਨੇ ਪੀ.ਐਮ. ਕਿਸਾਨ ਸਕੀਮ ਸਬੰਧੀ ਜਾਣਕਾਰੀ ਦਿੱਤੀ | ਅਖੀਰ ਵਿੱਚ ਕਿਸਾਨਾਂ ਨੂੰ ਮਿੱਟੀ ਪਰਖ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਖੇਤੀ ਸਾਹਿਤ ਵੰਡਿਆ ਗਿਆ |