ਅਮਰਗੜ੍ਹ, 8 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਸਰਪੰਚ ਐਸੋਸੀਏਸ਼ਨ ਹਲਕਾ ਅਮਰਗੜ੍ਹ ਦੀ ਇੱਕ ਵਿਸ਼ੇਸ਼ ਅਤੇ ਜ਼ਰੂਰੀ ਮੀਟਿੰਗ 11 ਅਪ੍ਰੈਲ, ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਨਾਨਕਸਰ ਬੁਰਜ ਵਿਖੇ ਬੁਲਾਈ ਗਈ ਹੈ | ਇਹ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਦੀ ਪ੍ਰਧਾਨਗੀ ਹੇਠ ਸ਼ਾਮ 4 ਵਜੇ ਹੋਵੇਗੀ | ਮੀਟਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਨੇ ਦੱਸਿਆ ਕਿ ਇਸ ਇਕੱਤਰਤਾ 'ਚ ਹਲਕੇ ਦੇ ਸਮੂਹ ਪੰਚ-ਸਰਪੰਚ ਸ਼ਿਰਕਤ ਕਰਨਗੇ | ਮੀਟਿੰਗ ਦੌਰਾਨ ਪੰਚਾਂ-ਸਰਪੰਚਾਂ ਨਾਲ ਵਿਕਾਸ ਕਾਰਜਾਂ ਦੌਰਾਨ ਡੀ.ਸੀ. ਰੇਟਾਂ ਨੂੰ ਲੈ ਕੇ ਆ ਰਹੀਆਂ ਦਰਪੇਸ਼ ਮੁਸ਼ਕਲਾਂ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਸਰਕਾਰੀ ਦਫ਼ਤਰਾਂ 'ਚ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ | ਉਨ੍ਹਾਂ ਆਖਿਆ ਕਿ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਨੂੰ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਸਨਮੁੱਖ ਰੱਖਿਆ ਜਾਵੇਗਾ ਤਾਂ ਜੋ ਸਰਕਾਰ ਪੱਧਰ ਤੇ ਇਨ੍ਹਾਂ ਦਾ ਜਲਦ ਨਿਪਟਾਰਾ ਕਰਵਾਇਆ ਜਾ ਸਕੇ | ਪ੍ਰਧਾਨ ਨਾਰੀਕੇ ਨੇ ਹਲਕੇ ਦੇ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਸਰਪੰਚਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਪਿੰਡਾਂ ਦੇ ਸਾਂਝੇ ਹਿਤਾਂ ਅਤੇ ਪੰਚਾਇਤੀ ਨੁਮਾਇੰਦਿਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਇਸ ਮੀਟਿੰਗ ਵਿਚ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ |