ਮਲੇਰਕੋਟਲਾ, 10 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਹਨੀਫ਼ ਥਿੰਦ)-ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐੱਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਡੀ.ਐਮ ਮਲੇਰਕੋਟਲਾ ਕਨੂ ਗਰਗ ਵਲੋਂ ਸਥਾਨਕ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ | ਏ.ਐਫ.ਐੱਸ.ਓ ਰਾਜਨ ਗੁਪਤਾ, ਇੰਸਪੈਕਟਰ ਫੂਡ ਸਪਲਾਈ ਰਸਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਏ, ਕਿਸਾਨ ਅਤੇ ਮੰਡੀ ਮਜ਼ਦੂਰ ਹਾਜ਼ਰ ਰਹੇ | ਐੱਸ.ਡੀ.ਐਮ ਕਨੂ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਖ਼ਰੀਦ, ਸੰਭਾਲ ਅਤੇ ਲਿਫਟਿੰਗ ਲਈ ਪੁਖ਼ਤਾ ਅਤੇ ਵਿਵਸਥਿਤ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖ਼ਰੀਦਿਆ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖ਼ਰੀਦ ਤੁਰੰਤ ਕੀਤੀ ਜਾਵੇ, ਫ਼ਸਲ ਦੀ ਲਿਫ਼ਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ ਅਦਾਇਗੀ ਕਰਨੀ ਲਾਜ਼ਮੀ ਹੈ, ਜਿਸ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਐੱਸ.ਡੀ.ਐਮ ਨੇ ਮੰਡੀ ਵਿੱਚ ਸਫਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ, ਬਿਜਲੀ, ਛਾਂ, ਤਰਪਾਲਾਂ ਅਤੇ ਪਖਾਨਿਆਂ ਦੀ ਉਪਲਬਧਤਾ ਹਰ ਸਮੇਂ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਲਈ ਠੰਢੇ ਪਾਣੀ ਅਤੇ ਬੈਠਣ ਲਈ ਢੁਕਵੇਂ ਇੰਤਜ਼ਾਮ ਕੀਤੇ ਜਾਣ | ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਆਖਿਆ ਕਿ ਮੰਡੀ ਵਿੱਚ ਲਿਆਂਦੀ ਜਾਣ ਵਾਲੀ ਕਣਕ ਦੀ ਨਮੀ ਨਿਰਧਾਰਿਤ ਮਿਆਰ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਨਮੀ ਦੀ ਜਾਂਚ ਉਪਰੰਤ ਹੀ ਫ਼ਸਲ ਦੀਆਂ ਢੇਰੀਆਂ ਲਗਾਈਆਂ ਜਾਣ, ਤਾਂ ਜੋ ਖ਼ਰੀਦ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਆਵੇ | ਉਨ੍ਹਾਂ ਭਰੋਸਾ ਦਿਵਾਇਆ ਕਿ ਕਣਕ ਖ਼ਰੀਦ ਸੀਜ਼ਨ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜ਼ੀਹ ਹੈ |