ਅਹਿਮਦਗੜ੍ਹ, 10 ਅਪ੍ਰੈਲ (ਸੁਖਜੀਤ ਸਿੰਘ ਖੇੜਾ)-ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਤੇ ਇੰਡੀਅਨ ਓਵਰਸੀਜ਼ ਕਾਂਗਰਸ ਪਾਰਟੀ ਯੂਕੇ ਇਕਾਈ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਕਾਫੀ ਤੰਗ ਆ ਚੁੱਕੇ ਹਨ ਅਤੇ ਹੁਣ ਇਸ ਸਰਕਾਰ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਲੀਵਾਲ ਨੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨਸ਼ੇ, ਗੈਂਗਸਟਰਵਾਦ ਅਤੇ ਹੋਰ ਗੰਭੀਰ ਅਪਰਾਧਾਂ 'ਤੇ ਕਾਬੂ ਪਾਉਣ ਵਿਚ ਅਸਫਲ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਦੇ ਕਾਰਨ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਹੋ ਚੁੱਕੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ 'ਤੇ ਨਜ਼ਰ ਨਹੀਂ ਆ ਰਹੇ, ਜਿਸ ਨਾਲ ਲੋਕਾਂ ਦਾ ਭਰੋਸਾ ਘਟ ਰਿਹਾ ਹੈ | ਧਾਲੀਵਾਲ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਆਪਣਾ ਫ਼ੈਸਲਾ ਸਪੱਸ਼ਟ ਤੌਰ 'ਤੇ ਦੇਣਗੇ ਅਤੇ ਬਦਲਾਅ ਦੀ ਮੰਗ ਹੋਰ ਮਜ਼ਬੂਤ ਹੋਵੇਗੀ | ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰਾ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤ ਸਰਕਾਰ ਬਣੇਗੀ ਅਤੇ ਰਾਜ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਂਦਾ ਜਾਵੇਗਾ |