ਮਲੇਰਕੋਟਲਾ, 10 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਲਗਾਤਾਰ ਕਦਮ ਚੁੱਕ ਰਹੀ ਹੈ | ਸੜਕੀ ਹਾਦਸਿਆਂ ਦੌਰਾਨ ਜ਼ਖ਼ਮੀਆਂ ਨੂੰ ਤੁਰੰਤ ਮਦਦ ਅਤੇ ਕੀਮਤੀ ਜਾਨਾਂ ਬਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਸੂਬੇ ਭਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ | ਉਪਰੋਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸੜਕ ਸੁਰੱਖਿਆ ਫੋਰਸ ਦੇ ਕਾਰਜਸ਼ੀਲ ਹੋਣ ਨਾਲ ਸੜਕ ਹਾਦਸਿਆਂ ਦੌਰਾਨ ਤੁਰੰਤ ਮਦਦ ਮੁਹੱਈਆ ਕਰਵਾਉਣ ਵਿਚ ਕਾਫ਼ੀ ਸੁਧਾਰ ਆਇਆ ਹੈ ਅਤੇ ਐਸ.ਐਸ.ਐਫ. ਦੀਆਂ ਟੀਮਾਂ ਹਾਈਵੇਅ ਅਤੇ ਮੁੱਖ ਸੜਕਾਂ 'ਤੇ ਲਗਾਤਾਰ ਗਸ਼ਤ ਕਰਦੀਆਂ ਰਹਿੰਦੀਆਂ ਹਨ ਅਤੇ ਜਿਵੇਂ ਹੀ ਕਿਸੇ ਹਾਦਸੇ ਜਾਂ ਐਮਰਜੈਂਸੀ ਸਥਿਤੀ ਬਾਰੇ ਜਾਣਕਾਰੀ ਮਿਲਦੀ ਹੈ, ਸਾਡੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਮੁਹੱਈਆ ਕਰਵਾਉਂਦੀ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਤੱਕ ਵੀ ਪਹੁੰਚਾਇਆ ਜਾਂਦਾ ਹੈ |