ਚੀਮਾ ਮੰਡੀ, 11 ਅਪ੍ਰੈਲ (ਜਗਰਾਜ ਮਾਨ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮੀਡੀਅਮ) ਵਿੱਚ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪਵਿੱਤਰ ਮੌਕੇ 'ਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿ੍ਪਾ ਹੇਠ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੀ ਸ਼ੁਰੂਆਤ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਇਤਿਹਾਸ ਅਤੇ ਢਾਢੀ ਵਾਰਾਂ ਪੇਸ਼ ਕੀਤੀਆ ਗਈਆਂ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਗੁਰੂ ਸਾਹਿਬਾਨਾਂ ਪ੍ਰਤੀ ਆਪਣਾ ਪਿਆਰ, ਸਤਿਕਾਰ ਪ੍ਰਗਟ ਕਰਦਿਆਂ ਯਾਦ ਕੀਤਾ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਤਮਿਕ ਤੌਰ 'ਤੇ ਮਜ਼ਬੂਤ ਬਣਾਉਣਾ ਸੀ | ਇਸ ਮੌਕੇ 'ਤੇ ਵਿਦਿਆਰਥੀਆਂ ਨੂੰ ਅੰਮਿ੍ਤ ਛਕਣ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਗੁਰੂ ਦੀਆਂ ਬਖ਼ਸ਼ੀਸ਼ਾਂ ਹੇਠ ਲੈ ਆ ਸਕਣ | ਇਸ ਮੌਕੇ 'ਤੇ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਪਿ੍ੰਸੀਪਲ ਨੀਨਾ ਸ਼ਰਮਾ, ਸਮੂਹ ਸਟਾਫ਼ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ ਅਤੇ ਪੂਰੇ ਮਾਹੌਲ ਵਿੱਚ ਧਾਰਮਿਕ ਰੰਗ ਅਤੇ ਆਤਮਿਕ ਉਤਸ਼ਾਹ ਦੇਖਣ ਨੂੰ ਮਿਲਿਆ |