ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਕਣਕ ਦੀ ਖ਼ਰੀਦ ਨਾਂ ਹੋਣ ਤੋਂ ਭੜਕੇ ਕਿਸਾਨਾਂ ਵੱਲੋਂ ਇਕੱਠੇ ਹੋਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਧਰਨੇ 'ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ ਕਣਕਵਾਲ, ਰਾਮਸਰਨ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ 1 ਅਪ੍ਰੈਲ ਤੋਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਕਰੀਬ ਦੋ ਹਫ਼ਤਿਆਂ ਤੋਂ ਕਣਕ ਦੀ ਖ਼ਰੀਦ ਨਾਂ ਹੋਣ ਕਾਰਨ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿਚ ਕਣਕ ਦੀਆਂ ਢੇਰੀਆਂ ਦੇ ਅੰਬਾਰ ਲੱਗ ਗਏ ਹਨ ਪਰ ਪੰਜਾਬ ਸਰਕਾਰ ਦੇ ਕਿਸੇ ਵੀ ਮੰਤਰੀ ਜਾਂ ਉੱਚ ਅਧਿਕਾਰੀ ਵੱਲੋਂ ਅਜੇ ਤੱਕ ਕਿਸਾਨਾਂ ਦੀ ਸਾਰ ਨਹੀ ਲਈ ਜਾ ਰਹੀ | ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਿਸ਼ ਕਾਰਨ ਕਣਕ ਦੇ ਦਾਣੇ ਮਾਜੂ ਅਤੇ ਬਦਰੰਗ ਹੋਣ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਟੀਮਾਂ ਪੰਜਾਬ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਵੀ ਕਣਕ ਦੀ ਖ਼ਰੀਦ ਸ਼ੁਰੂ ਨਹੀ ਹੋਈ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਨਾਂ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਧਰਨੇ, ਚੱਕਾ ਅਤੇ ਰੇਲਾਂ ਰੋਕਣ ਤੋਂ ਵੀ ਗੁਰੇਜ਼ ਨਹੀ ਕੀਤਾ ਜਾਵੇਗਾ |