08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ

Ad Position 21
No active advertisement
ਅਜੀਤ ਡੈਸਕ 16-04-2026
ਖਨੌਰੀ, 15 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਪੰਜਾਬ ਸਰਕਾਰ ਵੱਲੋਂ ਰਬੀ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀ ਵਿਧਿਵਤ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸ੍ਰੀ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ | ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ | ਪੰਜਾਬ ਸਰਕਾਰ ਵੱਲੋਂ 125 ਲੱਖ ਮੀਟਿ੍ਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ਼ 8 ਲੱਖ ਮੀਟਿ੍ਕ ਟਨ ਕਣਕ ਦੀ ਖਪਤ ਹੁੰਦੀ ਹੈ | 117 ਲੱਖ ਮੀਟਿ੍ਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈਂਦੀ ਹੈ | ਸਪੈਸ਼ਲਾਂ ਰੁਕਣ ਦਾ ਮਾਮਲਾ ਵੀ ਆਉਂਦਾ ਹੈ ਤੇ ਸੀ.ਸੀ. ਲਿਮਿਟ ਦਾ ਸਾਰਾ ਹਿਸਾਬ ਅਗਲੀ ਫ਼ਸਲ ਤੋਂ ਪਹਿਲਾਂ ਕਲੀਅਰ ਕਰਨਾ ਪੈਂਦਾ ਹੈ | ਇਸ ਲਈ ਕੇਂਦਰ ਸਰਕਾਰ ਇਹਨਾਂ ਮਾਪਦੰਡਾਂ ਸਬੰਧੀ ਛੋਟ ਬਾਬਤ ਫੌਰੀ ਰਾਹਤ ਦੇਵੇ ਜਿਵੇਂ ਕਿ ਰਾਜਸਥਾਨ ਨੂੰ ਦਿੱਤੀ ਗਈ ਹੈ | ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀਆਂ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਤੱਥਹੀਣ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਿਸ ਵੱਲ ਲੋਕਾਂ ਨੂੰ ਬਿਲਕੁਲ ਧਿਆਨ ਨਹੀਂ ਦੇਣਾ ਚਾਹੀਦਾ | ਇਸ ਮੌਕੇ ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਅਸੁਵਿਧਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਸ਼੍ਰੀ ਗੋਇਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਸਫ਼ਾਈ, ਬੈਠਣ ਦੀ ਵਧੀਆ ਵਿਵਸਥਾ ਅਤੇ ਛਾਂ ਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ | ਇਸ ਤੋਂ ਇਲਾਵਾ ਫ਼ਸਲ ਦੀ ਤੁਰੰਤ ਚੁਕਾਈ ਅਤੇ ਸਮੇਂ ਸਿਰ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਆੜ੍ਹਤੀਆਂ, ਖ਼ਰੀਦ ਏਜੰਸੀਆਂ ਅਤੇ ਪ੍ਰਸ਼ਾਸਨ ਵਿਚਕਾਰ ਪੂਰੇ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ | ਕੈਬਨਿਟ ਮੰਤਰੀ ਨੇ ਮੌਕੇ 'ਤੇ ਮੰਡੀ ਦਾ ਦੌਰਾ ਕਰਦੇ ਹੋਏ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ | ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ 'ਤੇ ਹੀ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ | ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਤੇ ਗੌਰਵ ਗੋਇਲ, ਗਿਰਧਾਰੀ ਲਾਲ ਗਰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ, ਵਿਸ਼ਾਲ ਕਾਂਸਲ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਸਤਪਾਲ ਗਿੱਲ ਬਨਾਰਸੀ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਖਨੌਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖ਼ਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਕਾਂਤਾ ਗੋਇਲ ਨੇ ਪੱਕੇ ਮਕਾਨਾਂ ਲਈ ਲਾਭਪਾਤਰੀਆਂ ਨੂੰ ਵੰਡੇ ਪ੍ਰਵਾਨਗੀ ਪੱਤਰ ਅਗਲੀ ਖ਼ਬਰ ਕੈਬਨਿਟ ਮੰਤਰੀ ਗੋਇਲ ਨੇ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ
Ad Position 24