ਸੰਗਰੂਰ, 15 ਅਪ੍ਰੈਲ (ਧੀਰਜ ਪਸੋਰੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ 'ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026' ਪੇਸ਼ ਕਰਨ ਤੋਂ ਬਾਅਦ ਇਹ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ | ਇਸ ਨੂੰ ਇਤਿਹਾਸਿਕ ਕਦਮ ਦੱਸਦਿਆਂ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸਿੰਘ ਸੰਘਾ, ਆਪ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਬੀਰ ਸਿੰਘ ਢੀਂਡਸਾ, ਆਪ ਆਗੂ ਸੁਖਦੇਵ ਸਿੰਘ ਕੌਹਰੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਦ ਕਿ ਵਿਰੋਧੀ ਪਾਰਟੀਆਂ ਨੇ ਸਾਲਾਂ ਤੱਕ ਲੋਕਾਂ ਨੂੰ ਗੰੁਮਰਾਹ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਾਂਝ, ਭਾਈਚਾਰੇ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇੱਕ ਮਜ਼ਬੂਤ ਕਦਮ ਹੈ | ਉਨ੍ਹਾਂ ਨੇ ਆਸ ਜਤਾਈ ਕਿ ਇਹ ਕਾਨੂੰਨ, ਸੂਬੇ ਵਿਚ ਧਾਰਮਿਕ ਅਦਬ ਅਤੇ ਆਪਸੀ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦੀ ਰੱਖਿਆ ਸਾਡੇ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਪਵਿੱਤਰ ਫ਼ਰਜ਼ ਨੂੰ ਨਿਭਾਉਣਾ ਚਾਹੀਦਾ ਹੈ |