ਅਹਿਮਦਗੜ੍ਹ, 16 ਅਪੈ੍ਰਲ (ਸੁਖਜੀਤ ਸਿੰਘ ਖੇੜਾ) - ਲੋਕ ਸਭਾ ਹਲਕਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਅਤੇ ਪੰਜਾਬ ਨਾਲ ਵਿਤਕਰਾ ਬੰਦ ਕਰਦੇ ਹੋਏ ਹਰਿਆਣਾ ਅਤੇ ਰਾਜਸਥਾਨ ਦੀ ਤਰਜ਼ ਤੇ ਖ਼ਰੀਦ ਨਿਯਮਾਂ ਵਿੱਚ ਢਿੱਲ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧ ਵਿੱਚ ਕੇਂਦਰੀ ਖਾਦ ਮੰਤਰੀ ਪਰਲਹਾਦ ਜੋਸ਼ੀ ਨੂੰ ਲਿਖਤੀ ਰੂਪ ਵਿਚ ਪੰਜਾਬ ਦੇ ਕਿਸਾਨਾਂ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ | ਡਾ. ਅਮਰ ਸਿੰਘ ਨੇ ਦੱਸਿਆ ਕਿ ਮਾਰਚ ਅਤੇ ਅਪ੍ਰੈਲ ਦੇ ਸ਼ੁਰੂ ਵਿੱਚ ਬੇ-ਮੌਸਮੀ ਬਰਸਾਤਾਂ ਅਤੇ ਗੜੇਮਾਰੀ ਕਾਰਨ ਪੰਜਾਬ ਵਿੱਚ ਖੜੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ | ਇਸ ਦਾ ਪ੍ਰਭਾਵ ਹੁਣ ਮੰਡੀਆਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ, ਜਿੱਥੇ ਕਿਸਾਨ ਆਪਣੀ ਫ਼ਸਲ ਲੈ ਕੇ ਬੈਠੇ ਹਨ ਪਰ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਮੌਸਮੀ ਨੁਕਸਾਨ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਨਮੀ ਅਤੇ ਦਾਣਾ ਸੁੰਗੜਨ ਵਰਗੇ ਖ਼ਰੀਦ ਮਾਪਦੰਡਾਂ ਵਿੱਚ ਕੋਈ ਢਿੱਲ ਨਹੀਂ ਦਿੱਤੀ ਗਈ | ਜਿਸ ਕਾਰਨ ਕਿਸਾਨਾਂ ਦੀ ਫ਼ਸਲ ਮਿਆਰਾਂ 'ਤੇ ਖਰੀ ਨਾ ਉੱਤਰਨ ਕਰਕੇ ਖ਼ਰੀਦ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਗੱਲ ਹੈ | ਡਾ. ਅਮਰ ਸਿੰਘ ਨੇ ਹੋਰ ਕਿਹਾ ਕਿ ਪਿਛਲੇ ਸਾਲ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਲੱਖਾਂ ਏਕੜ ਵਿੱਚ ਫ਼ਸਲਾਂ ਨੂੰ ਤਬਾਹ ਕਰ ਦਿੱਤਾ ਸੀ | ਜਿੱਥੇ ਝੋਨੇ ਦੀ ਫ਼ਸਲ ਬਚ ਗਈ, ਉਥੇ ਵੀ ਪੈਦਾਵਾਰ ਕਾਫ਼ੀ ਘੱਟ ਰਹੀ | ਇਸ ਤਰ੍ਹਾਂ ਪੰਜਾਬ ਦੇ ਕਿਸਾਨ ਕਣਕ ਅਤੇ ਝੋਨੇ, ਦੋਹਾਂ ਮੌਸਮਾਂ ਵਿੱਚ ਵੱਡੇ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਅਪੀਲ ਕੀਤੀ ਕਿ ਮੌਜੂਦਾ ਗੰਭੀਰ ਹਾਲਤਾਂ ਨੂੰ ਦੇਖਦੇ ਹੋਏ ਤੁਰੰਤ ਖ਼ਰੀਦ ਨਿਯਮਾਂ ਵਿੱਚ ਰਾਹਤ ਦਿੱਤੀ ਜਾਵੇ ਅਤੇ ਸੰਬੰਧਿਤ ਏਜੰਸੀਆਂ ਨੂੰ ਮੰਡੀਆਂ ਵਿੱਚ ਪਈ ਫ਼ਸਲ ਦੀ ਖ਼ਰੀਦ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਫੈਸਲਾ ਨਾ ਲਿਆ ਗਿਆ ਤਾਂ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਵੇਗਾ, ਜਿਸ ਨਾਲ ਪੰਜਾਬ ਦੀ ਖੇਤੀਬਾੜੀ ਆਰਥਿਕਤਾ 'ਤੇ ਵੀ ਗੰਭੀਰ ਅਸਰ ਪਵੇਗਾ |