ਅਮਰਗੜ੍ਹ, 16 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਪਾਉਣ, ਪੰਥਕ ਜਜ਼ਬੇ ਨੂੰ ਸੁਰਜੀਤ ਕਰਨ ਅਤੇ ਭਾਈਚਾਰਕ ਸਾਂਝ ਨੂੰ ਗੂੜ੍ਹਾ ਕਰਨ ਲਈ ਸੂਬੇ ਦੀ ਆਪਣੀ ਸਿਰਮੌਰ ਖੇਤਰੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ | ਕਿਉਂਕਿ ਮੀਰੀ-ਪੀਰੀ ਦੇ ਸਿਧਾਂਤ ਤੇ ਚੱਲਦਿਆਂ ਇਹ ਪਾਰਟੀ ਸਾਰੇ ਧਰਮਾਂ ਅਤੇ ਵਰਗਾਂ ਨੂੰ ਨਾਲ ਲੈ ਕੇ ਚੱਲਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਸਮਰੱਥਾ ਰੱਖਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪਰੀਸ਼ਦ ਮੈਂਬਰ ਜਸਵੀਰ ਸਿੰਘ ਜੱਸੀ ਮੰਨਵੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ | ਜੱਸੀ ਮੰਨਵੀ ਨੇ ਕਿਹਾ ਕਿ ਪੰਜਾਬ ਨੂੰ ਅੱਜ ਇੱਕ ਅਜਿਹੀ ਸਿਆਸੀ ਤਾਕਤ ਦੀ ਲੋੜ ਹੈ ਜੋ ਸੂਬੇ ਦੀ ਮਿੱਟੀ, ਵਿਰਾਸਤ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਸਮਝਦੀ ਹੋਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ | ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬੀਅਤ ਅਤੇ ਸੂਬੇ ਦੀ ਸੇਵਾ ਨੂੰ ਸਭ ਤੋਂ ਉੱਪਰ ਰੱਖਿਆ ਹੈ | ਅੱਜ ਜਦੋਂ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਸਾਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ਫਿਰ ਤੋਂ ਖੁਸ਼ਹਾਲੀ ਵੱਲ ਲਿਜਾਇਆ ਜਾ ਸਕੇ |