ਸੰਦੌੜ, 17 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਵਿਚ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਪਿਛਲੇ ਕੁੱਝ ਦਿਨਾਂ ਤੋਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਸਮੇਂ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ | ਇਸ ਸਾਲ ਬੇਮੌਸਮੀ ਮੀਂਹ ਪੈਣ ਕਾਰਨ ਕਣਕ ਦੀ ਗੁਣਵੱਤਾ ਤੇ ਸਿੱਧਾ ਅਸਰ ਪਿਆ ਹੈ | ਜਿਸ ਨਾਲ ਦਾਣਿਆਂ ਵਿਚ ਦਾਗ, ਦਾਣਿਆਂ ਦਾ ਸੁੰਗੜਨਾ ਤੇ ਹੋਰ ਖ਼ਾਮੀਆਂ ਵੇਖਣ ਨੂੰ ਮਿਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਹ ਵਜ੍ਹਾ ਕਰ ਕੇ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਨੇ ਇਸ ਸੰਕਟ ਨੂੰ ਹੋਰ ਵਧਾ ਦਿੱਤਾ ਹੈ | ਕਿਸਾਨਾਂ ਨੂੰ ਫ਼ਸਲ ਵੇਚਣ ਲਈ ਲੰਮੇ ਸਮੇਂ ਤੱਕ ਇੰਤਜ਼ਾਰ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਫ਼ਸਲ ਮੰਡੀਆਂ ਵਿਚ ਖ਼ਰਾਬ ਹੋਣ ਦਾ ਖ਼ਦਸ਼ਾ ਹੈ | ਉਨ੍ਹਾਂ ਕਿਹਾ ਕਿ ਇਸ ਵਕਤ ਪੰਜਾਬ ਵਿਚ ਕਣਕ ਦੀ ਖ਼ਰੀਦ ਕਿਤੇ ਵੀ ਸ਼ੁਰੂ ਨਹੀਂ ਹੋ ਸਕੀ | ਉਨ੍ਹਾਂ ਐਫਸੀਆਈ ਤੋਂ ਮੰਗ ਕਰਦੇ ਹੋਏ ਕਿਹਾ ਕਿ ਕਣਕ ਦੀ ਖ਼ਰੀਦ ਲਈ ਲਾਗੂ ਕੀਤੇ ਗੁਣਵੱਤਾ ਮਾਪਦੰਡਾਂ ਵਿਚ ਤੁਰੰਤ ਢਿੱਲ ਦਿੱਤੀ ਜਾਵੇ ਅਤੇ ਖ਼ਾਸਕਰ ਦਾਣਿਆਂ ਵਿਚ ਦਾਗ ਸੁੰਗੜਨ ਅਤੇ ਮੌਸਮ ਕਾਰਨ ਹੋਏ ਨੁਕਸਾਨ ਸਬੰਧੀ ਖ਼ਰੀਦ ਅਧਿਕਾਰੀਆਂ ਨੂੰ ਨਵੇਂ ਨਿਰਦੇਸ਼ ਦਿੱਤੇ ਜਾਣ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਾਰੀਆਂ ਅਨਾਜ ਮੰਡੀਆਂ ਵਿਚ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਕਣਕ ਦੀ ਖ਼ਰੀਦ ਨੂੰ ਸ਼ੁਰੂ ਕੀਤਾ ਜਾਵੇ ਅਤੇ ਐਫਸੀਆਈ ਆਪਣੇ ਨਿਯਮਾਂ ਵਿਚ ਸੁਧਾਰ ਕਰਦੇ ਹੋਏ ਖ਼ਰੀਦ ਸਬੰਧੀ ਕੁਝ ਰਿਆਇਤਾਂ ਦੇਵੇ | ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੌਸਮੀ ਨੁਕਸਾਨ ਕਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਵੀ ਦੇਣਾ ਚਾਹੀਦਾ ਹੈ | ਸ. ਮਾਨ ਨੇ ਅੱਗੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ) ਵਿਚ ਵੱਧ ਰਹੇ ਪ੍ਰਦੂਸ਼ਣ, ਤੇਜ਼ ਅਤੇ ਅਸੰਤੁਲਿਤ ਉਦਯੋਗਿਕ ਵਿਕਾਸ ਅਤੇ ਮੌਸਮ ਵਿਚ ਕੀਤੇ ਜਾ ਰਹੇ ਪ੍ਰਯੋਗਾਤਮਿਕ ਗੜਬੜੀ ਜਿਵੇਂ ਕਿ ਕਲਾਉਡ ਸੀਡਿੰਗ ਦਾ ਅਸਰ ਮੈਦਾਨਾਂ ਤੇ ਪੈ ਰਿਹਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਭਾਵੇਂ ਕਿ ਇਨ੍ਹਾਂ ਗੜਬੜੀਆਂ ਦਾ ਸਿੱਧਾ ਪ੍ਰਭਾਵ ਹਾਲੇ ਵਿਗਿਆਨਕ ਤੌਰ 'ਤੇ ਪੂਰੀ ਤਰ੍ਹਾਂ ਸਾਬਤ ਨਹੀਂ ਹੋਇਆ ਹੈ ਪਰ ਇਨ੍ਹਾਂ ਚਿੰਤਾਵਾਂ ਦੀ ਸਮਾਂਬੱਧ ਅਤੇ ਪਾਰਦਰਸ਼ੀ ਜਾਂਚ ਹੋਣੀ ਵੀ ਬਹੁਤ ਜ਼ਰੂਰੀ ਹੈ |