ਛਾਜਲੀ, 20 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ)-ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਵੱਲੋਂ ਇਲਾਕੇ ਦੇ ਵੱਖ-ਵੱਖ ਅਨਾਜ ਖ਼ਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਮਹਿਲਾਂ ਚੌਂਕ, ਗੁਜਰਾਂ, ਘਰਾਟ, ਢੰਡੋਲੀ, ਨਾਗਰੀ ਸਮੇਤ ਹੋਰ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਉਥੇ ਮੌਜੂਦ ਕਿਸਾਨਾਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਖ਼ਰੀਦ ਕੇਂਦਰਾਂ ਤੋਂ ਲਗਭਗ 165 ਕੁਵਿੰਟਲ ਕਣਕ ਦੀ ਖ਼ਰੀਦ ਕੀਤੀ ਗਈ ਹੈ, ਜਦਕਿ ਕਰੀਬ 50 ਹਜ਼ਾਰ ਬੋਰੀਆਂ ਦੀ ਲਿਫਟਿੰਗ ਵੀ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਤੇਜ਼ ਕੀਤਾ ਜਾਵੇ ਤਾਂ ਜੋ ਮੰਡੀ ਵਿੱਚ ਆ ਰਹੀ ਫ਼ਸਲ ਨੂੰ ਸਮੇਂ ਸਿਰ ਸੰਭਾਲਿਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਭੁਗਤਾਨ ਸਮੇਂ ਸਿਰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਮਾਰਕੀਟ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ |