ਸੰਗਰੂਰ, 21 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਕਨਵੀਨਰਾਂ ਦੀ ਮੀਟਿੰਗ ਸ੍ਰੀ ਅਵਿਨਾਸ਼ ਸ਼ਰਮਾ (ਬਿਜਲੀ ਬੋਰਡ) ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਖੋ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਕਨਵੀਨਰ ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਬਲਦੇਵ ਸਿੰਘ ਤੋ ਇਲਾਵਾ ਬਿੱਕਰ ਸਿੰਘ ਸਿਬੀਆ, ਭੁਪਿੰਦਰ ਸਿੰਘ ਜੱਸੀ, ਦਰਸ਼ਨ ਸਿੰਘ ਨੌਰਥ, ਆਰ ਐਲ ਪਾਂਧੀ, ਯਸ਼ਪਾਲ ਸ਼ਰਮਾ, ਕਰਨੈਲ ਸਿੰਘ, ਸੁਰਿੰਦਰ ਕੁਮਾਰ ਬਾਲੀਆਂ, ਪਰਮਿੰਦਰ ਸਿੰਘ, ਜਸਵੰਤ ਸਿੰਘ, ਬਲਵੰਤ ਸਿੰਘ, ਰਵਿੰਦਰ ਸਿੰਘ ਗੁੱਡੂ, ਸੁਰਿੰਦਰ ਸਿੰਘ ਸੋਢੀ ਆਦਿ ਵੱਲੋਂ ਸ਼ਿਰਕਤ ਕੀਤੀ ਗਈ | ਜ਼ਿਲ੍ਹਾ ਕਨਵੀਨਰ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ 'ਚ ਕੰਮ ਕਰਦੇ ਬਹੁਤ ਸਾਰੇ ਮੁਲਾਜ਼ਮ ਅਤੇ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੇ ਮਾਨ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਤੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਸਾਲ 'ਚ ਜਨਵਰੀ ਅਤੇ ਜੁਲਾਈ ਮਹੀਨੇ ਵਿੱਚ ਦੋ ਵਾਰ ਮਿਲਣ ਵਾਲੇ ਮਹਿੰਗਾਈ ਭੱਤੇ ਦੀਆਂ 6 ਕਿਸ਼ਤਾਂ ਨਾ ਦੇਣ ਕਾਰਨ ਅੱਕੇ ਹੋਏ ਹਨ | ਇਨਸਾਫ਼ ਦੀ ਪ੍ਰਾਪਤੀ ਲਈ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਿਵਲ ਰਿਟ ਪਟੀਸ਼ਨਾਂ ਦਾਇਰ ਕਰਨ ਲਈ ਮਜਬੂਰ ਹੋਣਾ ਪਿਆ | ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਫ਼ੈਸਲੇ ਵਿੱਚ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਰੋਕੇ ਬਕਾਏ ਸਮੇਤ ਰੋਕੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ 30 ਜੂਨ ਤੱਕ ਅਦਾਇਗੀ ਕੀਤੀ ਜਾਵੇ | ਮੀਟਿੰਗ ਵਿੱਚ ਪੰਜਾਬ ਸਰਕਾਰ ਤੋ ਮੰਗ ਕੀਤੀ ਗਈ ਕਿ ਮਾਣਯੋਗ ਉੱਚ ਅਦਾਲਤ ਵੱਲੋਂ ਕੀਤੇ ਗਏ ਫ਼ੈਸਲੇ ਟਾਲਮਟੋਲ ਦੀ ਨੀਤੀ ਛੱਡ ਕੇ ਲਾਗੂ ਕੀਤੇ ਜਾਣ ਅਤੇ ਸਾਰੇ ਬਕਾਏ ਯਕਮੁਸ਼ਤ ਦਿੱਤੇ ਜਾਣ | ਆਗੂਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵੱਲੋਂ ਕੀਤੇ ਗਏ ਫ਼ੈਸਲੇ ਮੁਤਾਬਕ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਵਿਰੋਧੀ ਦਿਵਸ ਵੱਜੋ ਵੀ ਮਨਾਇਆ ਜਾਵੇਗਾ |