ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਕੇਂਦਰ ਦੇ ਸਿਖਲਾਈ-ਕਮ-ਪ੍ਰਦਰਸ਼ਨੀ ਫਾਰਮ ਉੱਤੇ ਅੱਠ ਵੱਖ-ਵੱਖ ਤਰੀਕਿਆਂ ਨਾਲ ਖੇਤ ਵਿਚ ਹੀ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਕੇ ਬੀਜੀ ਕਣਕ ਸਬੰਧੀ ਸਥਾਪਿਤ ਕੀਤੇ ਸੀ.ਆਰ.ਐਮ. ਸਿਖਲਾਈ ਪਲੇਟਫ਼ਾਰਮ ਉੱਤੇ ਕਿਸਾਨਾਂ ਦਾ ਵਿੱਦਿਅਕ ਦੌਰਾ ਦਾ ਕਰਵਾਇਆ ਗਿਆ ਅਤੇ ਨਾਲ ਹੀ ਵਾਢੀ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿਚ 35 ਕਿਸਾਨਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਡਾ. ਮਨਦੀਪ ਸਿੰਘ, ਇੰਚਾਰਜ, ਕਿ੍ਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸਾਂਭਣ ਦੇ ਫ਼ਾਇਦਿਆਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪਰਾਲੀ ਨੂੰ ਖੇਤ ਵਿਚ ਹੀ ਰੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਦੱਸਿਆ ਕਿ ਪਰਾਲੀ ਜਾਂ ਫ਼ਸਲੀ ਰਹਿੰਦ-ਖੰੂਹਦ ਨੂੰ ਖੇਤ ਵਿਚ ਮਿਲਾਉਣ ਨਾਲ ਮਿੱਟੀ ਵਿਚ ਜੈਵਿਕ ਕਾਰਬਨ ਦੀ ਮਾਤਰਾ ਵਧਦੀ ਹੈ ਅਤੇ ਵੱਖ-ਵੱਖ ਪੌਸ਼ਟਿਕ ਤੱਤਾਂ ਦੀ ਮਾਤਰਾ ਵਿਚ ਵੀ ਸੁਧਾਰ ਹੁੰਦਾ ਹੈ | ਜਿਸ ਨਾਲ ਕੁੱਝ ਹੀ ਸਾਲਾਂ ਬਾਅਦ ਖੇਤ ਵਿਚ ਰਸਾਇਣਿਕ ਖਾਦਾਂ ਦੀ ਵਰਤੋਂ ਘਟਦੀ ਹੈ ਅਤੇ ਖਾਦਾਂ ਉੱਤੇ ਹੋਣ ਵਾਲਾ ਖਰਚਾ ਵੀ ਘਟਦਾ ਹੈ | ਡਾ. ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਫਾਰਮ ਮਸ਼ੀਨਰੀ) ਨੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਸਿਖਲਾਈ ਪਲੇਟਫ਼ਾਰਮ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਕਿਸਾਨਾਂ ਨੂੰ ਇਸ ਸਿਖਲਾਈ ਪਲੇਟਫ਼ਾਰਮ ਉੱਤੇ ਪ੍ਰਦਰਸ਼ਿਤ ਕੀਤੀਆਂ ਗਈਆਂ ਤਕਨੀਕਾਂ ਜਿਵੇਂ ਕਿ ਸਮਾਰਟ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਮਲਚਿੰਗ, ਪਲਟਾਊ ਹਲ ਅਤੇ ਰੋਟਾਵੇਟਰ ਸੰਬੰਧੀ ਵਿਸਥਾਰ ਵਿਚ ਦੱਸਿਆ ਅਤੇ ਇਨ੍ਹਾਂ ਦਾ ਆਪਸੀ ਮੁਲਾਂਕਣ ਵੀ ਸਾਂਝਾ ਕੀਤਾ |