ਛਾਜਲੀ, 22 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ) - ਪਿੰਡ ਛਾਜਲੀ ਦੀ ਸਹਿਕਾਰੀ ਬੈਂਕ ਵਿੱਚ ਕਿਸਾਨਾਂ ਵੱਲੋਂ ਜਮ੍ਹਾਂ ਕਰਵਾਈ ਗਈ ਰਕਮ ਦੇ ਮੋੜਵੇਂ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੰਤ ਰਾਮ ਸਿੰਘ ਛਾਜਲੀ ਨੇ ਦੱਸਿਆ ਕਿ ਉਹ ਅੱਜ ਬੈਂਕ ਵਿੱਚ ਗਏ, ਜਿੱਥੇ ਕਿਸਾਨਾਂ ਨੇ ਆਪਣੀ ਸਮੱਸਿਆ ਉਨ੍ਹਾਂ ਸਾਹਮਣੇ ਰੱਖੀ | ਕਿਸਾਨਾਂ ਮੁਤਾਬਕ ਉਨ੍ਹਾਂ ਵੱਲੋਂ ਆਪਣਾ ਪੈਸਾ ਪਹਿਲਾਂ ਹੀ ਬੈਂਕ ਵਿੱਚ ਜਮਾਂ ਕਰਵਾ ਦਿੱਤਾ ਗਿਆ ਹੈ, ਪਰ ਹੁਣ ਜਦੋਂ ਉਹ ਮੋੜਵੇਂ ਰੂਪ ਵਿੱਚ ਰਕਮ ਲੈਣ ਜਾਂਦੇ ਹਨ ਤਾਂ ਉਨ੍ਹਾਂ ਨੂੰ ਭੁਗਤਾਨ ਨਹੀਂ ਕੀਤਾ ਜਾ ਰਿਹਾ | ਇਸ ਕਾਰਨ ਉਨ੍ਹਾਂ ਦਾ ਰੋਜ਼ਾਨਾ ਲੈਣ-ਦੇਣ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਪੈਟਰੋਲ ਪੰਪਾਂ, ਦੁਕਾਨਦਾਰਾਂ ਅਤੇ ਹੋਰ ਜ਼ਰੂਰੀ ਖ਼ਰਚੇ ਪੂਰੇ ਕਰਨ ਵਿੱਚ ਵੱਡੀਆਂ ਮੁਸ਼ਕਿਲਾਂ ਆ ਰਹੀਆਂ ਹਨ | ਸੰਤ ਰਾਮ ਸਿੰਘ ਛਾਜਲੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਸਪਸ਼ਟ ਹਦਾਇਤ ਜਾਂ ਚਿੱਠੀ ਪ੍ਰਾਪਤ ਨਹੀਂ ਹੋਈ, ਜਿਸ ਕਰਕੇ ਮੋੜਵਾਂ ਭੁਗਤਾਨ ਰੋਕਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸਿਰਫ਼ ਛਾਜਲੀ ਤੱਕ ਸੀਮਿਤ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਇਸੇ ਤਰ੍ਹਾਂ ਦੀ ਸਥਿਤੀ ਬਣੀ ਹੋਈ ਹੈ ਅਤੇ ਕਿਸਾਨ ਵਿਆਪਕ ਤੌਰ 'ਤੇ ਪ੍ਰੇਸ਼ਾਨ ਹਨ | ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਕਿਸਾਨਾਂ ਨੂੰ ਰਕਮ ਜਾਰੀ ਕੀਤੀ ਜਾਵੇਗੀ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਕਿਸਾਨਾਂ ਦੀ ਆਪਣੀ ਜਮ੍ਹਾਂ ਕਰਵਾਈ ਰਕਮ ਤੁਰੰਤ ਜਾਰੀ ਕੀਤੀ ਜਾਵੇ, ਤਾਂ ਜੋ ਉਨ੍ਹਾਂ ਦੀ ਆਰਥਿਕ ਹਾਲਤ ਸੰਭਲ ਸਕੇ ਅਤੇ ਰੁਕਿਆ ਹੋਇਆ ਕਾਰੋਬਾਰ ਮੁੜ ਪਟੜੀ 'ਤੇ ਆ ਸਕੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਪੈਸੇ ਨਾ ਮਿਲੇ ਤਾਂ ਜਥੇਬੰਦੀ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਸੰਤ ਰਾਮ ਛਾਜਲੀ ਨੇ ਇਹ ਵੀ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਹੱਦ ਕਰਜ਼ੇ ਦੀ ਰਕਮ ਵਧਾਉਣ ਦੀ ਗੱਲ ਕੀਤੀ ਜਾ ਰਹੀ ਹੈ, ਜੋ ਕਿਸਾਨਾਂ 'ਤੇ ਹੋਰ ਬੋਝ ਪਾਏਗੀ, ਜਦਕਿ ਦੂਜੇ ਪਾਸੇ ਕਿਸਾਨਾਂ ਨੂੰ ਆਪਣਾ ਹੀ ਪੈਸਾ ਸਮੇਂ 'ਤੇ ਨਹੀਂ ਮਿਲ ਰਿਹਾ | ਪਹਿਲਾਂ ਹੀ ਵੱਧ ਰਹੇ ਖ਼ਰਚਿਆਂ ਕਾਰਨ ਕਿਸਾਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ ਅਤੇ ਜੇ ਇਹ ਹਾਲਾਤ ਜਾਰੀ ਰਹੇ ਤਾਂ ਆਉਣ ਵਾਲੇ ਸਮੇਂ ਵਿੱਚ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ |