ਸੰਗਰੂਰ, 23 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰ ਫੈਡਰੇਸ਼ਨ ਦੇ ਸੱਦੇ ਤੇ ਅਤੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਤੇ ਫੈਡਰੇਸ਼ਨ ਦੇ ਉਪ ਪ੍ਰਧਾਨ ਕਰਮ ਸਿੰਘ ਧਨੋਆ, ਸਕੱਤਰ ਮਨਜੀਤ ਸਿੰਘ ਸੈਣੀ, ਕਨਫੈਡਰੇਸ਼ਨ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਸਟੇਟ ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਪੀਸੀਐਸ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਵਫ਼ਦ ਵਿੱਚ ਜ਼ਿਲੇ੍ਹ ਦੇ ਸੀਨੀਅਰ ਮੀਤ ਪ੍ਰਧਾਨ ਆਰਐਲ ਪਾਂਧੀ, ਦਫ਼ਤਰ ਸਕੱਤਰ ਸੁਰਿੰਦਰ ਸਿੰਘ ਸੋਢੀ, ਗੌਰਮਿੰਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਯੂਨਿਟ ਦੇ ਸਰਪ੍ਰਸਤ ਜੀਤ ਸਿੰਘ ਢੀਂਡਸਾ, ਜਨਰਲ ਸਕੱਤਰ ਅਵਿਨਾਸ਼ ਸ਼ਰਮਾ ਤੋ ਇਲਾਵਾ ਪੈਨਸ਼ਨਰ ਆਗੂ ਜਸਬੀਰ ਸਿੰਘ ਖ਼ਾਲਸਾ, ਅਸ਼ੋਕ ਸ਼ਰਮਾ ਆਦਿ ਮੌਜੂਦ ਸਨ | ਇਸ ਮੌਕੇ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰ ਫੈਡਰੇਸ਼ਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਤੇ ਪੈਨਸ਼ਨਾਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ 31 ਦਸੰਬਰ 2025 ਤੱਕ ਸੇਵਾ ਮੁਕਤ ਹੋਏ ਪੈਨਸ਼ਨਰਾਂ ਤੇ ਵੀ 8ਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੰਮਿਊਟੇਸ਼ਨ ਕੱਟਣ ਦਾ ਸਮਾਂ 15 ਸਾਲ ਤੋ 11 ਸਾਲ ਕੀਤਾ ਜਾਵੇ, ਅਰੋੜਾ ਨੇ ਪੰਜਾਬ ਸਰਕਾਰ ਪਾਸੋ ਮੰਗ ਕੀਤੀ ਕਿ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਦੇ 8-4-26 ਦੇ ਫ਼ੈਸਲੇ ਅਨੁਸਾਰ ਡੀਏ ਅਤੇ ਏਰੀਅਰ ਬਾਰੇ ਟਾਲ ਮਟੋਲ ਦੀ ਨੀਤੀ ਤੋ ਬਿਨਾਂ ਇਸ ਫ਼ੈਸਲੇ ਨੂੰ ਬਿਨਾਂ ਦੇਰੀ 30 ਜੂਨ 2026 ਤੱਕ ਲਾਗੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ 1 ਮਈ ਨੂੰ ਮਜ਼ਦੂਰ ਦਿਹਾੜਾ ਸੰਗਰੂਰ ਵਿਖੇ ਬੱਸ ਸਟੈਡ ਦੇ ਸਾਹਮਣੇ ਪੁਰਾਣੇ ਬਿਜਲੀ ਬੋਰਡ ਦੇ ਦਫ਼ਤਰ ਵਿਖੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵੱਲੋਂ ਸਾਂਝੇ ਤੌਰ ਤੇ ਮਨਾਇਆ ਜਾਵੇਗਾ | ਜਿਸ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਨਾਲ-ਨਾਲ ਪੰਜਾਬ ਅਤੇ ਕੇਂਦਰ ਵਿਰੋਧੀ ਦਿਵਸ ਵੀ ਮਨਾਇਆ ਜਾਵੇਗਾ |