ਭਵਾਨੀਗੜ੍ਹ, 24 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਪਿੰਡ ਫੱਗੂਵਾਲਾ ਦੇ ਜਥੇਦਾਰ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਗਭਗ 25.68 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਆਧੁਨਿਕ ਸਾਇੰਸ ਲੈਬ, ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਲੈਬ ਅਤੇ ਸਕੂਲ ਦੇ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ 'ਤੇ ਪਹੰੁਚ ਕੇ ਇਨ੍ਹਾਂ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਬੋਲਦਿਆਂ ਬੀਬਾ ਭਰਾਜ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ | ਉਨ੍ਹਾਂ ਕਿਹਾ ਕਿ ਆਧੁਨਿਕ ਲੈਬਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਵਿਦਿਆਰਥੀਆਂ ਨੂੰ ਪ੍ਰਯੋਗਾਤਮਿਕ ਸਿੱਖਿਆ ਮਿਲੇਗੀ ਅਤੇ ਉਨ੍ਹਾਂ ਦੇ ਭਵਿੱਖ ਲਈ ਨਵੇਂ ਮੌਕੇ ਪੈਦਾ ਹੋਣਗੇ | ਉਨ੍ਹਾਂ ਕਿ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਨਾਲ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਦੀ ਦਰ ਵਿੱਚ ਵਾਧਾ ਹੋਇਆ ਹੈ ਅਤੇ ਮਾਪਿਆਂ ਦਾ ਭਰੋਸਾ ਵੀ ਮਜ਼ਬੂਤ ਹੋਇਆ ਹੈ | ਉਨ੍ਹਾਂ ਸਕੂਲ ਵਿੱਚ ਹੋਏ ਨਵੀਨੀਕਰਨ ਕਾਰਜਾਂ ਲਈ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਲੱਖਾ ਫੱਗੂਵਾਲਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਸਾਬਕਾ ਪੰਚ ਲਖਵਿੰਦਰ ਸਿੰਘ, ਪਰਮਜੀਤ ਸਿੰਘ ਪੰਮੀ ਫੱਗੂਵਾਲਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |