ਸੁਨਾਮ ਊਧਮ ਸਿੰਘ ਵਾਲਾ, 25 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2.9 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਅਤੇ ਸਿਹਤ ਸੰਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ | ਕੈਬਨਿਟ ਮੰਤਰੀ ਨੇ ਅਮਨ ਅਰੋੜਾ ਨੇ ਪਿੰਡ ਨਮੋਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਅਤਿਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ | ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 42.54 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ, ਸਾਇੰਸ ਲੈਬ ਅਤੇ ਹੋਰ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕਰ ਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ | ਉਨ੍ਹਾਂ ਨੇ ਦੱਸਿਆ ਕਿ ਪਿੰਡ ਸ਼ੇਰੋਂ ਵਿੱਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 31.96 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਾਰਜ ਪੂਰੇ ਕਰ ਕੇ ਸਕੂਲ ਨੂੰ ਨਵਾਂ ਰੂਪ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਪਿੰਡ ਮੰਡੇਰ ਕਲਾਂ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ | ਇਸੇ ਤਰ੍ਹਾਂ ਲੋਹਾਖੇੜਾ ਦੇ ਤਕੀਪੁਰ ਰੋਡ 'ਤੇ ਵੀ 55 ਲੱਖ ਰੁਪਏ ਦੀ ਲਾਗਤ ਨਾਲ ਇੱਕ ਹੋਰ ਹੈਲਥ ਐਂਡ ਵੈਲਨੈਸ ਸੈਂਟਰ ਬਣਾਇਆ ਜਾਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਹਸਪਤਾਲਾਂ ਤੇ ਹੈਲਥ ਸੈਂਟਰਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਇਆ ਜਾ ਸਕੇ | ਅਮਨ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ | ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਤੋਂ ਵੀ ਵਧੀਆ ਸਿੱਖਿਆ ਦੇਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਿਲ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ, ਮਾਪੇ ਅਤੇ ਪੰਚ, ਸਰਪੰਚ ਅਤੇ ਪਿੰਡ ਦੇ ਲੋਕ ਹਾਜ਼ਰ ਸਨ |