ਸੰਗਰੂਰ, 26 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੋਲਡਨ ਅਰਥ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਦੇ ਭਵਿੱਖ ਨਵੀਂ ਦਿਸ਼ਾ ਦੇਣ ਲਈ ਗਰੈਜੂਏਸ਼ਨ ਅਤੇ ਕਨਵੋਕੇਸ਼ਨ ਸਮਾਰੋਹ ਕੀਤਾ ਗਿਆ | ਸਮਾਗਮ ਵਿਚ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੇ ਭਾਗ ਲਿਆ | ਸਮਾਰੋਹ ਦੀ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਪੰਜਾਬੀ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲ ਪ੍ਰੋ. ਮਨੀਸ਼ ਕਪੂਰ ਨੇ ਅਦਾ ਕੀਤੀ | ਸਵਾਗਤੀ ਗੀਤ ਦੀ ਖ਼ੂਬਸੂਰਤ ਪੇਸ਼ਕਾਰੀ ਨਾਲ ਸ਼ੁਰੂ ਹੋਏ ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਵੱਖ ਵੱਖ ਸੱਭਿਆਚਾਰਕ ਵੰਨਗੀਆਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਡਾ. ਪਰਮਿੰਦਰ ਸੰਧੂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਸਮਾਗਮ ਦੌਰਾਨ ਪਹਿਲੀ ਜਮਾਤ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਅਤੇ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਬਦਲੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਤੇਜਿੰਦਰ ਸਿੰਘ ਵਾਲੀਆ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਸਕੂਲ ਦੀ ਸਿੱਖਿਆ, ਨਤੀਜਿਆਂ, ਸਹੂਲਤਾਂ ਅਤੇ ਦੂਸਰੀਆਂ ਗਤੀਵਿਧੀਆਂ ਨੂੰ ਵੇਖਦਿਆਂ ਮਾਪਿਆਂ ਵਲੋਂ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਵੇਲੇ ਇਸ ਸਕੂਲ ਨੂੰ ਪਹਿਲ ਦਿੱਤੀ ਜਾ ਰਹੀ ਹੈ | ਸ੍ਰੀਮਤੀ ਸੁਖਵਿੰਦਰ ਕੌਰ ਵਾਲੀਆ ਨੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ |