ਧੂਰੀ, 26 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੇ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026' ਪੇਸ਼ ਕੀਤਾ ਗਿਆ | ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਕਿ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਨ ਵੱਲ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਕਾਂਝਲਾ ਨੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਮੁੱਖ ਮੰਤਰੀ, ਸ੍ਰ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਸੰਗਤ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਾ ਹੈ | ਇਸ ਬਿੱਲ ਦੇ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਤੌਰ 'ਤੇ ਸਖ਼ਤ ਕਾਰਵਾਈ ਹੋਵੇਗੀ, ਜਿਸ ਨਾਲ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਾਂਝ, ਭਾਈਚਾਰੇ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿੱਚ ਇੱਕ ਮਜ਼ਬੂਤ ਕਦਮ ਹੈ | ਉਨ੍ਹਾਂ ਨੇ ਆਸ ਜਤਾਈ ਕਿ ਇਹ ਕਾਨੂੰਨ, ਸੂਬੇ ਵਿੱਚ ਧਾਰਮਿਕ ਅਦਬ ਅਤੇ ਆਪਸੀ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ |