ਸੰਦੌੜ, 28 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਾਲ 2026-27 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ | ਇਸ ਯੋਜਨਾ ਅਧੀਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ | ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ ਹੈ | ਰਜਿਸਟ੍ਰੇਸ਼ਨ ਸਮੇਂ ਕਿਸਾਨਾਂ ਨੂੰ ਆਪਣਾ ਆਧਾਰ ਨੰਬਰ ਭਰਨਾ ਹੋਵੇਗਾ, ਜਦਕਿ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਪਹਿਲਾਂ ਤੋਂ ਅਨਾਜ ਖ਼ਰੀਦ ਜਾਂ ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਮੰਨੀ ਜਾਵੇਗੀ | ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਦੌਰਾਨ ਕਿਸਾਨਾਂ ਵੱਲੋਂ ਸਿਰਫ਼ ਸਿੱਧੀ ਬਿਜਾਈ ਹੇਠ ਆਉਣ ਵਾਲੀ ਜ਼ਮੀਨ ਦੇ ਵੇਰਵੇ, ਜਿਵੇਂ ਕਿ ਜ਼ਿਲ੍ਹਾ, ਤਹਿਸੀਲ/ਸਬ-ਤਹਿਸੀਲ, ਪਿੰਡ, ਖੇਵਟ ਅਤੇ ਖ਼ਸਰਾ ਨੰਬਰ ਸਮੇਤ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ | ਕਾਸ਼ਤਕਾਰ ਉਕਤ ਲਿੰਕ 'ਤੇ 10 ਮਈ 2026 ਤੋਂ ਖ਼ੁਦ ਰਜਿਸਟ੍ਰੇਸ਼ਨ ਕਰ ਸਕਦੇ ਹਨ | ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 15 ਜੁਲਾਈ ਤੋਂ 15 ਅਗਸਤ 2026 ਤੱਕ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ ਜਿਸ ਤੋਂ ਬਾਅਦ ਯੋਗ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ ਜਾਰੀ ਕੀਤੀ ਜਾਵੇਗੀ | ਡਾ. ਧਰਮਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪਾਣੀ ਦੀ ਬੱਚਤ ਦੇ ਨਾਲ-ਨਾਲ ਖੇਤੀ ਖ਼ਰਚ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਉਣ | ਉਨ੍ਹਾਂ ਕਿਹਾ ਕਿ ਇਸ ਸਕੀਮ ਸਬੰਧੀ ਜਾਣਕਾਰੀ ਲਈ ਕਿਸਾਨ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ |