ਸੰਗਰੂਰ, 28 ਅਪ੍ਰੈਲ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਵੱਲੋਂ ਅਗਾਮੀ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਇੰਚਾਰਜਾਂ ਅਤੇ ਸਹਾਇਕ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਬੁਲਾਰੇ ਅਨਿਲ ਸਰੀਨ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਿਕ ਭਾਜਪਾ ਦੇ ਸੰਗਰੂਰ ਤੋਂ ਸੀਨੀਅਰ ਆਗੂ ਅਮਨਦੀਪ ਸਿੰਘ ਪੂਨੀਆ ਨੂੰ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਭਵਾਨੀਗੜ੍ਹ ਸ਼ਹਿਰ ਦਾ ਇੰਚਾਰਜ ਲਗਾਇਆ ਗਿਆ ਹੈ | ਅਨਿਲ ਸਰੀਨ ਵੱਲੋਂ ਜਾਰੀ ਸੂਚੀ ਵਿਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸਿਫਾਰਿਸ਼ ਉੱਤੇ ਪੰਜਾਬ ਦੀਆਂ 9 ਨਗਰ ਨਿਗਮਾਂ ਲਈ ਇੰਚਾਰਜ ਅਤੇ ਸਹਾਇਕ ਇੰਚਾਰਜ ਲਗਾਏ ਗਏ ਹਨ ਜਦਕਿ 104 ਸ਼ਹਿਰਾਂ ਅਤੇ ਕਸਬਿਆਂ ਲਈ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ | ਅਮਨਦੀਪ ਸਿੰਘ ਪੂਨੀਆ ਨੇ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਜ ਤੋਂ ਹੀ ਆਪਣੀ ਇਸ ਡਿਊਟੀ ਲਈ ਕੰਮ ਸ਼ੁਰੂ ਕਰ ਦੇਣਗੇ ਅਤੇ ਆਗਮੀ ਚੋਣਾਂ ਅੰਦਰ ਭਵਾਨੀਗੜ੍ਹ ਖੇਤਰ ਤੋਂ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ |