ਸ਼ੇਰਪੁਰ, 28 ਅਪ੍ਰੈਲ (ਮੇਘ ਰਾਜ ਜੋਸ਼ੀ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਅਗਵਾਈ 'ਚ ਕਰਵਾਏ ਗਏ 'ਸੰਪਰਕ 2026' ਪ੍ਰੋਗਰਾਮ ਤਹਿਤ ਨਸ਼ਾ ਰੋਕੂ ਕਮੇਟੀ ਖੇਡੀ ਕਲਾ ਅਤੇ ਸ਼ੇਰਪੁਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਮੇਟੀ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਭਰਪੂਰ ਸਲਾਘਾ ਕੀਤੀ | ਪ੍ਰੋਗਰਾਮ ਦੌਰਾਨ ਦੱਸਿਆ ਗਿਆ ਕਿ ਪੰਜਾਬ ਪੁਲਿਸ ਵੱਲੋਂ ਜਨਤਾ ਨਾਲ ਭਾਈਚਾਰਕ ਸਬੰਧ ਮਜ਼ਬੂਤ ਕਰਨ ਅਤੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਸਮੇਂ-ਸਮੇਂ 'ਤੇ 'ਸੰਪਰਕ' ਵਰਗੇ ਉਪਰਾਲੇ ਕੀਤੇ ਜਾਂਦੇ ਹਨ | ਇਸ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਇਕੱਠੇ ਹੋਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਨਸ਼ਾ ਰੋਕੂ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਬਿੰਦਾ ਦੀ ਅਗਵਾਈ ਹੇਠ ਪੂਰੀ ਟੀਮ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਤਜਰਬੇ ਸਾਂਝੇ ਕੀਤੇ | ਇਸ ਮੌਕੇ ਕਮੇਟੀ ਮੈਂਬਰਾਂ ਨੇ ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਵੀ ਲਿਆ | ਪੁਲਿਸ ਅਧਿਕਾਰੀਆਂ ਵੱਲੋਂ ਕਮੇਟੀ ਦੇ ਮੈਂਬਰਾਂ ਨੂੰ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ |