ਮਲੇਰਕੋਟਲਾ, 28 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਅੰਦਰ ਅਗਲੀ ਸਰਕਾਰ ਕਾਂਗਰਸ ਦੀ ਬਣਾਉਣ ਦੇ ਲਈ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਆਪਣਾ ਮਨ ਬਣਾ ਚੁੱਕੇ ਹਨ ਕਿਉਂਕਿ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋ ਪੰਜਾਬੀ ਪੂਰੀ ਤਰ੍ਹਾਂ ਖ਼ਫ਼ਾ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਮਹਿਲਾ ਵਿੰਗ ਦੇ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਗੱਲਬਾਤ ਦੌਰਾਨ ਕੀਤਾ | ਪਿੰਡਾਂ ਅੰਦਰ ਵਰਕਰਾਂ ਦੇ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਕਿਸੇ ਵੀ ਖੇਤਰ ਦੇ ਵਿੱਚ ਲੋਕ ਸਰਕਾਰ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਹੇ | ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਕਾਂਗਰਸ ਸਰਕਾਰ ਮੌਕੇ ਸੂਬੇ ਦਾ ਵੱਡੇ ਪੱਧਰ 'ਤੇ ਵਿਕਾਸ ਹੋਇਆ ਸੀ ਤੇ ਖ਼ਾਸ ਕਰ ਹਲਕਾ ਮਲੇਰਕੋਟਲਾ ਦੇ ਅੰਦਰ ਕਾਂਗਰਸ ਦੇ ਸਾਬਕਾ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀ ਅਗਵਾਈ ਹੇਠ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਗਏ ਸਨ | ਬੀਬੀ ਕਾਂਤਾ ਕੁਠਾਲਾ ਨੇ ਆਖਿਆ ਕਿ ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਂਤ ਅਖ਼ਤਰ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਇੱਕਜੁੱਟ ਹਨ | ਉਨ੍ਹਾਂ ਆਖਿਆ ਕਿ ਪੰਜਾਬ ਦਾ ਵਿਕਾਸ ਕਾਂਗਰਸ ਸਰਕਾਰ ਵੇਲੇ ਹੀ ਹੋਇਆ ਸੀ ਤੇ ਜੇਕਰ ਪੰਜਾਬ ਅੰਦਰ ਅਗਲੇ ਸਮੇਂ ਨੂੰ ਸਰਕਾਰ ਬਣਦੀ ਹੈ ਤਾਂ ਹਲਕਾ ਮਲੇਰਕੋਟਲਾ ਨੂੰ ਨਮੂਨੇ ਦਾ ਬਣਾਇਆ ਜਾਵੇਗਾ | ਇਸ ਮੌਕੇ ਵਰਕਰ ਹਾਜ਼ਰ ਸਨ |