ਅਮਰਗੜ੍ਹ, 28 ਅਪ੍ਰੈਲ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਇਲਾਕੇ ਦੀ ਪ੍ਰਸਿੱਧ ਸੰਸਥਾ ਦਸ਼ਮੇਸ਼ ਮਾਡਲ ਸਕੂਲ ਬਾਗੜੀਆਂ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਚੰਗਾ ਪ੍ਰਦਰਸ਼ਨ ਕਰਦਿਆਂ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਅਸ਼ਵਿੰਦਰ ਕੁਮਾਰ ਦਾਨੀ ਨੇ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿੱਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਆਦਰਸ਼ਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਜੱਸੀ ਜਮਾਤ ਨੌਵੀਂ, ਜਪਲੀਨ ਕੌਰ ਪੁੱਤਰੀ ਦਵਿੰਦਰ ਸਿੰਘ ਜਮਾਤ ਪੰਜਵੀਂ, ਮਨਸੀਰਤ ਕੌਰ ਪੁੱਤਰੀ ਜਗਤਾਰ ਸਿੰਘ ਜਮਾਤ ਛੇਵੀਂ, ਰਵਨੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਜਮਾਤ ਪੰਜਵੀਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਇਹ ਸਾਬਤ ਕਰ ਦਿੱਤਾ ਕਿ ਸਾਡੇ ਸਕੂਲ ਦੀ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ ਨਾਲ ਧਾਰਮਿਕ ਅਤੇ ਨੈਤਿਕ ਗੁਣਾਂ ਦੇ ਧਾਰਨੀ ਵੀ ਬਣਾਇਆ ਜਾਂਦਾ ਹੈ | ਵਾਇਸ ਪਿ੍ੰਸੀਪਲ ਮੈਡਮ ਮਮਤਾ ਦਾਨੀ ਨੇ ਦੱਸਿਆ ਕਿ ਸਾਡਾ ਸਕੂਲ ਵੱਧ ਤੋਂ ਵੱਧ ਬੱਚਿਆਂ ਨੂੰ ਧਰਮ ਅਤੇ ਵਿਰਸੇ ਨਾਲ ਜੋੜ ਕੇ ਰੱਖਦਾ ਹੈ ਤਾਂ ਜੋ ਵਿਦਿਆਰਥੀ ਹੋਰ ਬੁਰਾਈਆਂ ਤੋਂ ਦੂਰ ਰਹਿਣ |