ਸ਼ੇਰਪੁਰ, 2 ਮਈ (ਮੇਘ ਰਾਜ ਜੋਸ਼ੀ, ਦਰਸ਼ਨ ਸਿੰਘ ਖੇੜੀ) - ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਤਹਿਤ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਵਿਖੇ ਨਵੇਂ ਬਣੇ ਆਧੁਨਿਕ ਕਮਰਿਆਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ | ਇਹ ਵਿਕਾਸ ਕਾਰਜ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਕੀਤੇ ਗਏ ਹਨ, ਜਿਨ੍ਹਾਂ ਦਾ ਉਦਘਾਟਨ ਸੀ.ਐਮ. ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ | ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਦੇ ਸਮਕੱਛ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਢਾਂਚਾਗਤ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਦਾ ਮਾਹੌਲ ਮਿਲ ਸਕੇ | ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਅੰਮਿ੍ਤਪਾਲ ਸਿੰਘ ਘਨੌਰੀ, ਬਲਾਕ ਸੰਮਤੀ ਸ਼ੇਰਪੁਰ ਦੀ ਵਾਈਸ ਚੇਅਰਮੈਨ ਰਮਨਦੀਪ ਕੌਰ, ਬਲਾਕ ਨੋਡਲ ਅਫ਼ਸਰ ਗੁਰਿੰਦਰ ਸਿੰਘ ਅਤੇ ਲੈਕਚਰਾਰ ਅਮਨਦੀਪ ਸਿੰਘ ਪਾਠਕ ਵੀ ਹਾਜ਼ਰ ਸਨ | ਹੋਰਨਾਂ ਵਿੱਚ ਜਸਵੀਰ ਸਿੰਘ ਜੱਸੀ, ਮਨੋਜ ਸ਼ਰਮਾ, ਸੁਖਵਿੰਦਰ ਸਿੰਘ ਜਹਾਂਗੀਰ, ਅਮਰੀਕ ਸਿੰਘ ਡੀ.ਪੀ.ਈ., ਜਸਦੇਵਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਪਰਵੇਜ਼ ਅਖ਼ਤਰ ਸਮੇਤ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਿਰਕਤ ਕੀਤੀ | ਸਕੂਲ ਦੇ ਪਿ੍ੰਸੀਪਲ ਖੁਸ਼ਦੀਪ ਗੋਇਲ ਵੱਲੋਂ ਸਮੂਹ ਮਹਿਮਾਨਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ |