ਸੰਗਰੂਰ, 4 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਅੱਜ ਸ਼ਾਹੀ ਸਮਾਧਾਂ ਟੈਕਸੀ ਯੂਨੀਅਨ ਸੰਗਰੂਰ ਦੇ ਪ੍ਰਧਾਨ ਸੁਖਦੇਵ ਰਾਮ ਸੁੱਖੀ ਅਤੇ ਉਪ ਪ੍ਰਧਾਨ ਜਗਦੀਸ਼ ਸਿੰਘ ਨਾਲ ਸਮੂਹ ਮੈਂਬਰਾਂ ਦੀ ਹਾਜ਼ਰੀ ਵਿੱਚ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਟੈਕਸੀ ਚਾਲਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਅਤੇ ਸੰਜੀਦਗੀ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਜਵੰਧਾ ਸਾਹਿਬ ਨੇ ਮੀਟਿੰਗ ਦੌਰਾਨ ਕਿਹਾ ਕਿ ਟੈਕਸੀ ਚਾਲਕ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ ਜੋ ਦਿਨ-ਰਾਤ ਮਿਹਨਤ ਕਰ ਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸਣ ਕਰਦੇ ਹਨ | ਅਜਿਹੇ ਮਿਹਨਤਕਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਨੇ ਕਿਹਾ ਕਿ ਕੋਈ ਵੀ ਮੁਸ਼ਕਲ ਛੋਟੀ ਜਾਂ ਵੱਡੀ ਨਹੀਂ ਹੁੰਦੀ ਜਦੋਂ ਕਿਸੇ ਮਿਹਨਤੀ ਇਨਸਾਨ ਦੀ ਰੋਜ਼ੀ-ਰੋਟੀ ਨਾਲ ਜੁੜੀ ਹੋਵੇ ਤਾਂ ਉਸ ਨੂੰ ਹਰ ਹਾਲ ਵਿੱਚ ਹੱਲ ਕੀਤਾ ਜਾਣਾ ਚਾਹੀਦਾ ਹੈ | ਯੂਨੀਅਨ ਦੇ ਪ੍ਰਧਾਨ ਸੁਖਦੇਵ ਰਾਮ ਸੁੱਖੀ ਨੇ ਦੱਸਿਆ ਕਿ ਟੈਕਸੀ ਚਾਲਕਾਂ ਨੂੰ ਕਈ ਅਰਸੇ ਤੋਂ ਵੱਖ-ਵੱਖ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਸ੍ਰੀ ਜਵੰਧਾ ਨੇ ਨਾ ਸਿਰਫ਼ ਸਾਡੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਬਲਕਿ ਉਨ੍ਹਾਂ ਦੇ ਹੱਲ ਲਈ ਠੋਸ ਭਰੋਸਾ ਵੀ ਦਿੱਤਾ | ਉਪ ਪ੍ਰਧਾਨ ਜਗਦੀਸ਼ ਸਿੰਘ ਨੇ ਕਿਹਾ ਕਿ ਇੰਨੇ ਵਿਅਸਤ ਅਹੁਦੇ 'ਤੇ ਹੁੰਦੇ ਹੋਏ ਵੀ ਜਵੰਧਾ ਦਾ ਆਮ ਲੋਕਾਂ ਦੀਆਂ ਮੁਸ਼ਕਲਾਂ ਲਈ ਸਮਾਂ ਕੱਢਣਾ ਉਨ੍ਹਾਂ ਦੀ ਸੱਚੀ ਸਮਾਜ ਸੇਵਾ ਦੀ ਭਾਵਨਾ ਨੂੰ ਦਰਸਾਉਂਦਾ ਹੈ |