ਮਲੇਰਕੋਟਲਾ, 5 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਕਾਂਗਰਸੀ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਾਲ ਮਲੇਰਕੋਟਲਾ ਡੀ.ਸੀ. ਦਫ਼ਤਰ ਪਹੁੰਚ ਕੇ ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐੱਸ. ਤਿੜਕੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਮੰਗ ਪੱਤਰ ਦਿੱਤਾ ਗਿਆ | ਬੀਬਾ ਨਿਸ਼ਾਤ ਅਖ਼ਤਰ ਨੇ ਕਿਹਾ ਕਿ ਵਿਸ਼ੇਸ਼ ਸੈਸ਼ਨ ਦੌਰਾਨ ਜਿਸ ਹਾਲਤ ਵਿੱਚ ਮੁੱਖ ਮੰਤਰੀ ਵਿਧਾਨ ਸਭਾ ਪਹੁੰਚੇ, ਉਹ ਬਹੁਤ ਸ਼ਰਮਨਾਕ ਹੈ | ਅਸੀਂ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਸੌਂਪੇ ਮੰਗ ਪੱਤਰ ਰਾਂਹੀ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੂੰ ਗੁਜ਼ਾਰਿਸ਼ ਕਰਦੇ ਹਾਂ ਕਿ ਇਸ 'ਤੇ ਜਲਦੀ ਹੀ ਕੋਈ ਐਕਸ਼ਨ ਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹਾ ਕਦੇ ਦੁਬਾਰਾ ਨਾ ਹੋਵੇ | ਉਨ੍ਹਾਂ ਆਖਿਆ ਕਿ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਹੀ ਅਜਿਹਾ ਕੁਝ ਕਦੇ ਵਾਪਰਿਆ ਹੋਵੇ ਜੋ ਕੁੱਝ ਮੌਜੂਦਾ ਸਮੇਂ ਪੰਜਾਬ ਵਿਧਾਨ ਸਭਾ ਦੇ ਅੰਦਰ ਹੋਇਆ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬਾ ਕਾਂਤਾ ਕੁਠਾਲਾ, ਲਾਲ ਸਿੰਘ ਤੋਲੇਵਾਲ ਬਲਾਕ ਪ੍ਰਧਾਨ, ਅਨਵਾਰ ਮਹਿਬੂਬ ਮੁੱਖ ਬੁਲਾਰਾ ਮਲੇਰਕੋਟਲਾ ਹਾਊਸ, ਕਰਮਜੀਤ ਸਿੰਘ ਭੂਦਨ, ਗੁਰਮੀਤ ਸਿੰਘ ਨਾਰੀਕੇ ਸਾਬਕਾ ਵਾਇਸ ਚੇਅਰਮੈਨ, ਪਰੀਤ ਸਿੰਘ ਰੂਬਲ, ਨਿਰਮਲਜੀਤ ਸਿੰਘ ਢੀਂਡਸਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |