ਮਲੇਰਕੋਟਲਾ, 6 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਰਵਿਦਾਸ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਉਂਦੇ ਮਾਨਸੂਨ ਸੀਜ਼ਨ ਦੌਰਾਨ 6.50 ਲੱਖ ਰੁੱਖ ਲਗਾਉਣ ਦਾ ਵਿਸ਼ਾਲ ਟੀਚਾ ਨਿਰਧਾਰਿਤ ਕੀਤਾ ਗਿਆ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਐਨ.ਜੀ.ਓਜ਼ ਨਾਲ ਮੀਟਿੰਗ ਕਰ ਕੇ ਇਸ ਮਹੱਤਵਪੂਰਨ ਮੁਹਿੰਮ ਦੀ ਰੂਪ-ਰੇਖਾ ਤਿਆਰ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜ਼ਿਲ੍ਹਾ ਜੰਗਲਾਤ ਅਫ਼ਸਰ ਕੌਸ਼ਲ ਕਿਸ਼ੋਰ, ਫੰਕਸ਼ਨ ਮੈਨੇਜਰ ਪ੍ਰਨੀਤ ਕੌਰ, ਐਨ.ਜੀ.ਓ ਅਲਮਾਇਟੀ ਤੋਂ ਮੁਹੰਮਦ ਅਸ਼ਰਫ਼, ਐਨ.ਜੀ.ਓ ਹੈਲਥ ਅਤੇ ਐਜੂਕੇਸ਼ਨ ਤੋਂ ਮੁਹੰਮਦ ਸ਼ਫੀਕ, ਐਨ.ਜੀ.ਓ ਲਾਇਫ ਲਾਇਨ ਤੋਂ ਹੁਸ਼ਿਆਰ ਸਿੰਘ, ਐਨ.ਜੀ.ਓ ਮੌਲਾਨਾ ਆਜ਼ਾਦ ਤੋਂ ਮੁਹੰਮਦ ਤਾਹਿਰ, ਐਨ.ਜੀ.ਓ ਸੋਕਰ ਕੋਚਿੰਗ ਸੈਂਟਰ ਅਤੇ ਵੈੱਲਫੇਅਰ ਸੁਸਾਇਟੀ ਤੋਂ ਅਬਦੁਲ ਹਮੀਦ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਬੀ.ਡੀ.ਪੀ.ਓਜ਼ ਦੀ ਦੇਖ-ਰੇਖ ਹੇਠ ਤਿੰਨ ਬਲਾਕਾਂ ਵਿੱਚ Tਸ੍ਰੀ ਗੁਰੂ ਰਵਿਦਾਸ ਬਗ਼ੀਚੀਆਂU ਵਿਕਸਿਤ ਕੀਤੀਆਂ ਜਾਣਗੀਆਂ, ਜਿਨ੍ਹਾਂ ਲਈ ਪੰਚਾਇਤੀ ਜ਼ਮੀਨਾਂ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸ ਤੋਂ ਇਲਾਵਾ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਸਰਕਾਰੀ ਸਕੂਲਾਂ ਵਿੱਚ ਵੀ ਵੱਡੇ ਪੱਧਰ 'ਤੇ ਪੌਦੇ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਪੌਦੇ ਮੁਹੱਈਆ ਕਰਵਾਏ ਜਾਣਗੇ, ਜਦਕਿ ਸਿੱਖਿਆ ਵਿਭਾਗ, ਪੰਚਾਇਤੀ ਰਾਜ ਅਤੇ ਲੋਕ ਨਿਰਮਾਣ ਵਿਭਾਗ, ਉਦਯੋਗਿਕ ਵਿਭਾਗ ਆਦਿ ਆਪਣੇ-ਆਪਣੇ ਅਧੀਨ ਖੇਤਰਾਂ ਵਿੱਚ ਪੌਦੇ ਲਗਾ ਕੇ ਇਸ ਮੁਹਿੰਮ ਨੂੰ ਮਜ਼ਬੂਤ ਬਣਾਉਣਗੇ | ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਸ ਅਭਿਆਨ ਨੂੰ ਲੋਕ ਅੰਦੋਲਨ ਬਣਾਉਣ ਦੇ ਨਿਰਦੇਸ਼ ਦਿੱਤੇ |