ਭਵਾਨੀਗੜ੍ਹ, 6 ਮਈ, (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 15 ਮਈ ਨੂੰ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੂੰ ਦਿੱਤੇ ਜਾ ਰਹੇ ਮੰਗ ਪੱਤਰ ਸੰਘਰਸ਼ 'ਚ ਜ਼ਿਲ੍ਹਾ ਸੰਗਰੂਰ ਤੋਂ ਵੱਡੇ ਕਾਫ਼ਲਿਆਂ ਵਿਚ ਕਿਸਾਨ ਪਹੁੰਚਣਗੇ | ਇਹ ਵਿਚਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਬਲਾਕ ਪੱਧਰੀ ਮੀਟਿੰਗ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਖ਼ੜਾ-ਬਿਆਸ ਮਨੈਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਅਤੇ ਕਿਸਾਨਾਂ ਦੀਆਂ ਹੋਰ ਹੱਕੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਦੇ ਸਬੰਧ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਸੰਘਰਸ਼ ਕਰ ਕੇ ਰਾਜਪਾਲ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਸਬੰਧ ਵਿਚ ਜ਼ਿਲ੍ਹਾ ਸੰਗਰੂਰ ਦੇ ਸਾਰੇ ਬਲਾਕਾਂ ਵਿਚ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਉਕਤ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ 15 ਮਈ ਨੂੰ ਮੋਹਾਲੀ ਦੇ 8 ਫੇਸ ਦੇ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਵਿਖੇ ਵੱਡੇ ਇਕੱਠ ਕਰ ਕੇ ਰਾਜਪਾਲ ਭਵਨ ਵੱਲ ਰੋਸ ਮਾਰਚ ਕਰ ਕੇ ਆਗੂਆਂ ਵਲੋਂ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ | ਮੀਟਿੰਗ ਵਿਚ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਜਸਵਿੰਦਰ ਸਿੰਘ ਕਪਿਆਲ ਜਨਰਲ ਸਕੱਤਰ ਨੇ ਪਾਵਰਕੌਮ ਨੂੰ ਖੇਤਾਂ ਵਾਲੀਆਂ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਕਸਣ ਸਬੰਧੀ ਵਿਸ਼ੇਸ਼ ਉਪਰਾਲੇ ਕਰਨ ਦੀ ਵੀ ਮੰਗ ਕੀਤੀ | ਇਸ ਮੌਕੇ 'ਤੇ ਉਕਤ ਤੋਂ ਇਲਾਵਾ ਗੁਰਦੀਪ ਸਿੰਘ ਆਲੋਅਰਖ਼, ਯਾਦਵਿੰਦਰ ਸਿੰਘ, ਲਖਵੀਰ ਸਿੰਘ ਕਪਿਆਲ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਕਪਿਆਲ, ਰਛਪਾਲ ਸਿੰਘ ਭਵਾਨੀਗੜ੍ਹ, ਸਮਸ਼ੇਰ ਸਿੰਘੇ ਕਾਕਾ ਸਿੰਘ, ਬਲਕਾਰ ਸਿੰਘ ਰਾਏ ਸਿੰਘ ਵਾਲਾ, ਕਸ਼ਮੀਰ ਸਿੰਘ ਘਰਾਚੋਂ, ਡਾ. ਬਲਜਿੰਦਰ ਸਿੰਘ ਸੰਘਰੇੜੀ, ਰੋਹੀ ਸਿੰਘ ਸੰਘਰੇੜੀ, ਕੁਲਜੀਤ ਸਿੰਘ ਨਾਗਰਾ, ਕੁਲਵਿੰਦਰ ਸਿੰਘ ਸਰਪੰਚ ਨਾਗਰਾ ਤੋਂ ਇਲਾਵਾ ਹੋਰ ਆਗੂ ਹਾਜਰ ਸਨ |