ਮਲੇਰਕੋਟਲਾ, 8 ਮਈ (ਮਨਜਿੰਦਰ ਸਿੰਘ ਸਰੌਦ) - ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਯੂਨੀਅਨ ਮੰਡਲ ਮਲੇਰਕੋਟਲਾ ਦੀ ਮਹੀਨਾਵਾਰ ਮੀਟਿੰਗ ਸਾਥੀ ਜਰਨੈਲ ਸਿੰਘ ਪੰਜਗਰਾਈਆਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੈਂਕੜੇ ਸਾਥੀਆਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਆਰਾ ਲਾਲ ਸਰਕਲ ਪ੍ਰਧਾਨ, ਇਕਬਾਲ ਸਿੰਘ ਫਰਵਾਲੀ ਨੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਧਾਰਨ ਕੀਤੇ ਵਤੀਰੇ ਤੇ ਪੰਜਾਬ ਸਰਕਾਰ ਵੱਲੋਂ ਮਾਨਯੋਗ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਦੇ ਉਲਟ ਪਾਈ ਪਟੀਸ਼ਨ ਤੇ ਕੇਂਦਰ ਸਰਕਾਰ ਦੀਆਂ ਆਰਥਿਕ ਤੇ ਸਨਅਤੀ ਨੀਤੀਆਂ ਖ਼ਿਲਾਫ਼ ਮਜ਼ਦੂਰਾਂ ਦੇ ਚਾਰ ਕੋਡ ਲਾਗੂ ਕਰਨ ਤੇ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਫ਼ੈਸਲੇ ਰੱਦ ਕਰਨ, ਬੋਰਡ ਦੀਆਂ ਜਾਇਦਾਦਾਂ ਵੇਚਣ ਦੀ ਨਿਖੇਧੀ ਕੀਤੀ ਗਈ | ਇਸ ਤੋਂ ਇਲਾਵਾ ਇੱਕ ਮਤੇ ਰਾਹੀਂ ਸਕੱਤਰੇਤ ਦੇ ਮੁਲਾਜ਼ਮਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗਿ੍ਫ਼ਤਾਰ ਕਰਨ ਨੂੰ ਗ਼ਲਤ ਦੱਸਿਆ | ਮੀਟਿੰਗ ਵਿੱਚ ਬਸ਼ੀਰ ਉਲ ਹੱਕ, ਅਵਿਨਾਸ਼ ਚੋਪੜਾ, ਪਰਮਜੀਤ ਸ਼ਰਮਾ ਸਕੱਤਰ, ਬਲਦੇਵ ਸਿੰਘ, ਕਰਨੈਲ ਸਿੰਘ ਭੱਟੀਆਂ ਪੈੱ੍ਰਸ ਸਕੱਤਰ, ਅਜੀਤ ਸਿੰਘ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ 18 ਪ੍ਰਤੀਸ਼ਤ ਕਿਸ਼ਤਾਂ, 2.45 ਤੋਂ 2.59, ਮੈਡੀਕਲ ਕੈਸ਼ ਲੈੱਸ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ ਆਦਿ ਸਕੀਮਾਂ ਲਾਗੂ ਕੀਤੀਆਂ ਜਾਣ, ਯੂਨਿਟਾਂ ਵਿੱਚ ਰਿਆਇਤ ਦਿੱਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਮਿਡ ਡੇ ਮੀਲ ਤੇ ਮਜ਼ਦੂਰਾਂ ਦੀ ਉਜਰਤ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਲਾਗੂ ਕੀਤੀ ਜਾਵੇ | ਸਾਥੀਆਂ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਵੱਲੋਂ ਜੋ ਵੀ ਪ੍ਰੋਗਰਾਮ ਭਵਿੱਖ ਆਉਣਗੇ, ਉਨ੍ਹਾਂ ਨੂੰ ਇਸ ਮੰਡਲ ਦੇ ਪੈਨਸ਼ਨਰਜ਼ ਸਾਥੀਆਂ ਵੱਲੋਂ ਲਾਗੂ ਕੀਤਾ ਜਾਵੇਗਾ |