ਅਮਰਗੜ੍ਹ, 8 ਮਈ (ਪ. ਪ.) - ਨੇੜਲੇ ਪਿੰਡ ਬਾਗੜੀਆਂ ਵਿਖੇ ਸੈਟੇਲਾਈਟ ਰਾਹੀਂ ਦਰਜ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਵੱਲੋਂ ਤੁਰੰਤ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੇ ਖੇਤਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ | ਮੁੱਢਲੀ ਜਾਂਚ ਦੌਰਾਨ ਅੱਗ ਲੱਗਣ ਦਾ ਸੰਭਾਵਿਤ ਕਾਰਨ ਤੇਜ਼ ਹਵਾਵਾਂ ਕਾਰਨ ਹੋਇਆ ਸ਼ਾਰਟ ਸਰਕਟ ਸਾਹਮਣੇ ਆਇਆ | ਇਸ ਮੌਕੇ ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟਿ੍ਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਾੜ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਾਗੂ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਉਪਲਬਧ ਕਰਵਾਈ ਜਾ ਰਹੀ ਆਧੁਨਿਕ ਮਸ਼ੀਨਰੀ ਅਤੇ ਹੋਰ ਵਿਕਲਪਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤ ਪੱਧਰ ਤੱਕ ਪਹੁੰਚ ਬਣਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣਗੇ |