ਤਲਵੰਡੀ ਸਾਬੋ, 9 ਮਈ (ਰਵਜੋਤ ਸਿੰਘ ਰਾਹੀ)-ਡਾਇਰੈਕਟਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹਾਦਰਗੜ੍ਹ ਪਟਿਆਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ 43 ਵਿਦਿਆਰਥਣਾਂ ਦਾ ਐਨ.ਡੀ.ਏ. ਸਕਰੀਨਿੰਗ ਟੈਸਟ ਕਰਵਾਇਆ ਗਿਆ | ਪ੍ਰਬੰਧਕਾਂ ਦੱਸਿਆ ਕਿ ਇਹ ਉਪਰਾਲਾ ਵਿਦਿਆਰਥਣਾਂ ਨੂੰ ਭਵਿੱਖ ਵਿਚ ਰੱਖਿਆ ਸੇਵਾਵਾਂ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪ੍ਰੇਰਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਐਨ.ਡੀ.ਏ. ਵਰਗੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਮਨ ਲਾ ਕੇ ਤਿਆਰੀ ਕਰਨ ਅਤੇ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ | ਕਾਲਜ ਦੇ ਸੀਨੀਅਰ ਪ੍ਰੋਫੈਸਰ ਪ੍ਰੋ: ਸ਼ਾਲਿਨੀ ਸਹਿਗਲ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਡਾਇਰੈਕਟਰੇਟ ਆਫ਼ ਐਜੂਕੇਸ਼ਨ ਵਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟੈਸਟ ਵਿਦਿਆਰਥਣਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਡਿਫੈਂਸ ਖੇਤਰ ਵਿਚ ਆਪਣਾ ਮੁਕਾਮ ਬਣਾਉਣ ਲਈ ਵੀ ਪ੍ਰੇਰਿਤ ਕਰਦੇ ਹਨ | ਇਸ ਦੌਰਾਨ ਐਨ.ਡੀ.ਏ. ਕੋਆਰਡੀਨੇਟਰ ਪ੍ਰੋ: ਹਰਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਐਨ.ਡੀ.ਏ. ਦੀ ਤਿਆਰੀ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਾਤਾਰ ਮਿਹਨਤ, ਸਮੇਂ ਦੀ ਪਾਬੰਦ ਹੋ ਕੇ ਅਤੇ ਆਤਮ-ਵਿਸ਼ਵਾਸ ਨਾਲ ਵਿਦਿਆਰਥੀ ਹਰ ਮੰਜ਼ਿਲ ਹਾਸਲ ਕਰ ਸਕਦੇ ਹਨ | ਉਨ੍ਹਾਂ ਵਿਦਿਆਰਥਣਾਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ |