ਲੌਂਗੋਵਾਲ, 12 ਮਈ (ਵਿਨੋਦ, ਸ. ਖੰਨਾ) - ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਕੌਂਸਲ ਲੌਂਗੋਵਾਲ ਅਧੀਨ ਕੰਮ ਕਰਦੇ ਕਾਮਿਆਂ ਵਲੋਂ ਕੰਮ ਦੀ ਹੜਤਾਲ ਕਰ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਅੱਜ ਸੱਤਵੇਂ ਦਿਨ ਸਮੂਹ ਕਾਮਿਆਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ਅੱਜ ਦੇ ਇਸ ਸੰਘਰਸ਼ ਨੂੰ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਸਮਰਥਨ ਦਿੱਤਾ ਹੈ | ਭਾਈ ਲੌਂਗੋਵਾਲ ਅਤੇ ਗੋਲਡੀ ਨੇ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਅਤੇ ਮੁਲਾਜ਼ਮਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਦਾ ਡੱਟ ਕੇ ਸਮਰਥਨ ਕੀਤਾ | ਇਸ ਮੌਕੇ ਵਿਨਰਜੀਤ ਸਿੰਘ ਗੋਲਡੀ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਤਾਂ ਕੀਤੇ ਸਨ ਪਰ ਅੱਜ ਤੱਕ ਕਿਸੇ ਵੀ ਵਾਅਦੇ ਨੂੰ ਜ਼ਮੀਨੀ ਪੱਧਰ 'ਤੇ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਅਤੇ ਮਿੳਾੂਸੀਪਲ ਮੁਲਾਜ਼ਮ ਦਿਨ-ਰਾਤ ਸ਼ਹਿਰਾਂ ਦੀ ਸਫ਼ਾਈ ਅਤੇ ਲੋਕਾਂ ਦੀ ਸੇਵਾ ਵਿੱਚ ਲੱਗੇ ਰਹਿੰਦੇ ਹਨ ਪਰ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਬੇਪਰਵਾਹ ਬਣੀ ਹੋਈ ਹੈ | ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਠੇਕੇਦਾਰੀ ਪ੍ਰਥਾ ਖ਼ਤਮ ਕਰਨਾ ਅਤੇ ਤਨਖ਼ਾਹਾਂ ਵਿੱਚ ਵਾਧਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਸਰਕਾਰ ਸਿਰਫ਼ ਝੂਠੇ ਦਾਅਵੇ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਿਤ ਹੋ ਚੁੱਕੀ ਹੈ | ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਮਜ਼ਦੂਰਾਂ, ਸਫ਼ਾਈ ਸੇਵਕਾਂ ਅਤੇ ਮਿੳਾੂਸੀਪਲ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਲੜਾਈ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਮਿੳਾੂਸੀਪਲ ਚੋਣਾਂ ਦੌਰਾਨ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਤਾਂ ਜੋ ਸਫ਼ਾਈ ਸੇਵਕਾਂ ਅਤੇ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾ ਸਕਣ | ਮੌਕੇ ਅਕਾਲੀ ਆਗੂ ਪਰਮਿੰਦਰ ਕੌਰ ਬਰਾੜ ਨਗਰ ਕੌਂਸਲ ਪ੍ਰਧਾਨ, ਕਮਲ ਸਿੰਘ ਬਰਾੜ, ਸੁਖਵਿੰਦਰ ਸਿੰਘ ਚਹਿਲ ਸਰਪੰਚ, ਗੁਰਮੀਤ ਸਿੰਘ ਲੱਲੀ, ਰਣਜੀਤ ਸਿੰਘ ਕੂਕਾ ਐਮ.ਸੀ. ਹਾਜ਼ਰ ਸਨ | ਦੂਜੇ ਬੰਨੇ ਸਫ਼ਾਈ ਸੇਵਕਾਂ ਵੱਲੋਂ ਹੜਤਾਲ ਕੀਤੇ ਜਾਣ ਕਾਰਨ ਸਮੁੱਚਾ ਸ਼ਹਿਰ ਕੂੜੇ ਦੇ ਢੇਰ ਵਿਚ ਤਬਦੀਲ ਹੋ ਗਿਆ ਹੈ |ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਜਸਮੇਲ ਕੌਰ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸਮੂਹ ਕਰਮਚਾਰੀ ਅਣਮਿਥੇ ਸਮੇਂ ਲਈ ਹੜਤਾਲ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਜਸਮੇਲ ਕੌਰ ਪ੍ਰਧਾਨ, ਕਰਮਜੀਤ ਕੌਰ ਉਪ-ਪ੍ਰਧਾਨ, ਅਮਰੀਕ ਸਿੰਘ, ਸ਼ੀਲਾ ਦੇਵੀ, ਮਨਜੀਤ ਸਿੰਘ, ਸਰੋਜ ਬਾਲਾ, ਹਰਦੀਪ ਸਿੰਘ, ਹਰਦੇਵ ਸਿੰਘ, ਰਕੇਸ਼ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ, ਸਤਵੀਰ ਸਿੰਘ, ਬਲਕਾਰ ਸਿੰਘ, ਬੂਟਾ ਸਿੰਘ, ਵਿਸ਼ਨੂੰ ਸਿੰਘ, ਵਰਿੰਦਰ ਸਿੰਘ, ਲੁਕੇਸ਼ ਸਿੰਘ, ਬਿੱਲੂ ਸਿੰਘ, ਰਾਜੀਵ ਕੁਮਾਰ, ਕੁਲਦੀਪ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ |