ਸੁਨਾਮ ਊਧਮ ਸਿੰਘ ਵਾਲਾ, 13 ਮਈ (ਰੁਪਿੰਦਰ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਇਸ ਮੌਕੇ ਗੱਲਬਾਤ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ ਵੱਡੇ ਦਾਅਵੇ ਤੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ | ਚੱਠਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਪੰਜਾਬ ਦਾ ਸਹਿਕਾਰਤਾ ਵਿਭਾਗ ਚੱਲ ਰਿਹਾ ਹੈ, ਹੈਰਾਨੀ ਦੀ ਗੱਲ ਹੈ ਕਿ ਸਹਿਕਾਰਤਾ ਵਿਭਾਗ ਅਧੀਨ ਆਉਂਦੇ ਖੇਤੀਬਾੜੀ ਵਿਕਾਸ ਬੈਂਕ ਦੇ ਸਤਾਏ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਦੇ ਦੋ ਸਕੇ ਭਰਾ ਇਕੱਠਿਆਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕਰ ਗਏ ਸੀ ਪਰ ਦੋ ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਉਨ੍ਹਾਂ ਮਿ੍ਤਕ ਭਰਾਵਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ | ਕਿਸਾਨ ਆਗੂ ਰਣ ਸਿੰਘ ਚੱਠਾ ਨੇ ਦੱਸਿਆ ਕਿ ਬੈਂਕ ਵੱਲੋਂ ਬਣਦੇ ਪੈਸੇ ਭਰਵਾਉਣ ਤੋਂ ਬਾਅਦ ਵੀ ਤੰਗ ਪ੍ਰੇਸ਼ਾਨ ਕਰਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਏ ਸੀ ਦੋਵੇਂ ਭਰਾ | ਉਨ੍ਹਾਂ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਵਾਸਤੇ ਪਿਛਲੀ 30 ਮਾਰਚ ਤੋਂ ਲੈਂਡ ਮਾਰਗੇਜ ਬੈਂਕ ਫ਼ਰੀਦਕੋਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ, ਪਿੰਡ ਹਰੀ ਨੌਂ ਦੇ ਸਕੇ ਭਰਾਵਾਂ ਅਤੇ ਪੰਜਾਬ ਭਰ ਦੇ ਲੈਂਡ ਮਾਰਗੇਜ ਬੈਂਕ ਦੀਆਂ ਧੋਖਾ ਧੜੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਬੈਂਕ ਵੱਲੋਂ ਪੂਰੇ ਪੰਜਾਬ ਅੰਦਰ ਕਿਸਾਨਾਂ ਤੋਂ ਲਏ ਗਏ ਖ਼ਾਲੀ ਚੈੱਕ ਕਿਸਾਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ 10 ਜ਼ਿਲਿਆਂ ਚ ਲੈਂਡ ਮਾਰਗੇਜ ਬੈਂਕ ਦੀਆਂ ਬ੍ਰਾਂਚਾਂ ਨੂੰ ਬੰਦ ਕਰਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ |