ਭਵਾਨੀਗੜ੍ਹ, 13 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਪਿਛਲੇ 8 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਸੰਘਰਸ਼ ਕਰ ਰਹੇ ਸਫ਼ਾਈ ਸੇਵਕ ਯੂਨੀਅਨ ਵਲੋਂ ਸ਼ਹਿਰ ਵਿੱਚੋਂ ਦੀ ਰੋਸ ਮਾਰਚ ਕੱਢਦਿਆਂ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਮੇਲ ਸਿੰਘ ਨੇ ਦੱਸਿਆ ਕਿ ਸਫ਼ਾਈ ਸੇਵਕ ਯੂਨੀਅਨ ਵਲੋਂ ਸੂਬਾ ਪੱਧਰੀ ਹੜਤਾਲ ਅੱਠਵੇਂ ਦਿਨ ਵੀ ਜਾਰੀ ਹੈ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਯੂਨੀਅਨ ਅਤੇ ਨਗਰ ਕੌਂਸਲ ਸਟਾਫ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ, ਕਿ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕੇ ਕੀਤਾ ਜਾਵੇ, ਤਨਖ਼ਾਹ ਸਮੇਂ ਸਿਰ ਅਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਦਿੱਤੀਆਂ ਜਾਵੇ, ਘੱਟੋ ਘੱਟ ਉਜਰਤ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ, ਕੱਚੇ ਮੁਲਾਜ਼ਮ ਦੀ ਮੌਤ ਹੋਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਉਕਤ ਮੰਗਾਂ ਨੂੰ ਲੈ ਉਨ੍ਹਾਂ ਵਲੋਂ ਪਿਛਲੇ ਇੱਕ ਹਫ਼ਤੇ ਤੋਂ ਨਗਰ ਕੌਂਸਲ ਦਫ਼ਤਰ ਵਿਖੇ ਸੰਘਰਸ਼ ਕੀਤਾ ਜਾ ਰਿਹਾ ਸੀ, ਪਰ ਸਰਕਾਰ ਵਲੋਂ ਇਸ ਸਬੰਧੀ ਕੋਈ ਕਾਰਵਾਈ ਨਾ ਕਰਨ 'ਤੇ ਅੱਜ ਉਨ੍ਹਾਂ ਸ਼ਹਿਰ ਵਿਚ ਰੋਸ ਮਾਰਚ ਕੱਢ ਕੇ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਹ ਮੰਗਾਂ ਨਾ ਮੰਨੀਆਂ ਨਾ ਹੋਰ ਵੱਡਾ ਸੰਘਰਸ਼ ਕੀਤਾ ਜਾਵੇਗਾ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੇ ਇਕੱਠੇ ਹੋਏ ਕਰਮਚਾਰੀਆਂ ਨੂੰ ਸੰਬੋਧਨ ਉਨ੍ਹਾਂ ਨਾਲ ਡਟਵੀਂ ਹਮਾਇਤ ਦਾ ਐਲਾਨ ਕੀਤਾ | ਇਸ ਮੌਕੇ 'ਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵੱਲੋਂ ਅਮਨ ਵਸ਼ਿਸ਼ਟ, ਸਫ਼ਾਈ ਸੇਵਕ ਯੂਨੀਅਨ ਪੰਜਾਬ ਇਕਾਈ ਭਵਾਨੀਗੜ੍ਹ ਦੇ ਬਲਾਕ ਪ੍ਰਧਾਨ ਜਗਮੇਲ ਸਿੰਘ ਬਿੱਟੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਮ ਸਰੂਪ, ਚਰਨਜੀਤ ਕੌਰ ਸੈਕਟਰੀ, ਜੀਤ ਸਿੰਘ, ਗੁਰਮੇਲ ਸਿੰਘ ਚੇਅਰਮੈਨ, ਹਰੀ ਕਿ੍ਸ਼ਨ, ਗੀਤਾ ਰਾਣੀ, ਸੀਨੀਅਰ ਪ੍ਰਧਾਨ ਜਗਸੀਰ ਸਿੰਘ, ਮਨਪ੍ਰੀਤ ਸ਼ਰਮਾ, ਰਾਜ ਸਿੰਘ, ਹਰਮੀਤ ਸਿੰਘ, ਬਿੰਦੂ ਬਾਲਾ, ਗੀਤਾ, ਕਿਰਨ, ਰਵੀ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ | ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਸਫ਼ਾਈ ਨਾ ਹੋਣ ਕਾਰਨ ਥਾਂ-ਥਾਂ 'ਤੇ ਕੂੜੇ ਦੇ ਢੇਰ ਲੱਗਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ |