ਮਲੇਰਕੋਟਲਾ, 13 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਨਗਰ ਕੌਂਸਲ ਮਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਗਰ ਕੌਂਸਲ ਮਲੇਰਕੋਟਲਾ ਲਈ 1 ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ | ਨਗਰ ਕੌਂਸਲ ਅਹਿਮਦਗੜ੍ਹ ਤੇ ਨਗਰ ਪੰਚਾਇਤ ਅਮਰਗੜ੍ਹ ਲਈ ਕਿਸੇ ਵੀ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ | ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ 16 ਮਈ ਦਿਨ ਸ਼ਨੀਵਾਰ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ | ਨਾਮਜ਼ਦਗੀਆਂ ਦੀ ਪੜਤਾਲ 18 ਮਈ ਦਿਨ ਸੋਮਵਾਰ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ ਦਿਨ ਮੰਗਲਵਾਰ ਨਿਰਧਾਰਿਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦੇ ਚਾਹਵਾਨ ਉਮੀਦਵਾਰ ਆਪਣੇ ਖੇਤਰ ਦੇ ਸਬੰਧਿਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਜਮਾਂ ਕਰਵਾ ਸਕਦੇ ਹਨ | ਉਨ੍ਹਾਂ ਉਮੀਦਵਾਰਾਂ ਦੀ ਖ਼ਰਚਾ ਸੀਮਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ ਖ਼ਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-2 ਦੇ ਉਮੀਦਵਾਰ ਲਈ 2.30 ਲੱਖ ਰੁਪਏ, ਕਲਾਸ-3 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.40 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ | ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ, ਜੋ ਨਿਰਧਾਰਿਤ ਸਥਾਨਾਂ 'ਤੇ ਨਾਮਜ਼ਦਗੀਆਂ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਸਬੰਧਿਤ ਰਿਟਰਨਿੰਗ ਅਫ਼ਸਰਾਂ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ |