ਸੁਨਾਮ ਊਧਮ ਸਿੰਘ ਵਾਲਾ, 14 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸੀ. ਆਈ.ਏ. ਸਟਾਫ਼ ਸੰਗਰੂਰ ਦੀ ਟੀਮ ਵਲੋਂ ਸੁਨਾਮ ਰੋਜ ਗਾਰਡਨ ਨੇੜਿਉਂ ਇਕ ਵਿਅਕਤੀ ਨੂੰ 150 ਗ੍ਰਾਮ ਹੈਰੋਇਨ/ਚਿੱਟਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਸੀ ਆਈ ਏ ਸਟਾਫ਼ ਸੰਗਰੂਰ ਦੇ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸੁਨਾਮ ਤੋਂ ਬਖਸ਼ੀਵਾਲਾ ਸੜਕ 'ਤੇ ਹੁੰਦੇ ਹੋਏ ਨੀਲੋਵਾਲ ਰੋਡ ਤੋਂ ਕੱਚਾ ਰਸਤਾ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸਥਾਨਕ ਰੋਜ ਗਾਰਡਨ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਗਿਆ | ਜਿਸ ਕੋਲੋਂ 150 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਕੁਲਵੰਤ ਸਿੰਘ ਵਾਸੀ ਸੁਨਾਮ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰ-ਰਾਸ਼ਟਰੀ ਬਾਜ਼ਾਰ ਵਿਚ ਲੱਖਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ |