ਚੀਮਾ ਮੰਡੀ, 14 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਵਿਖੇ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਵਿਸ਼ੇਸ਼ ਸਹਿਯੋਗ ਸਦਕਾ ਕੈਰੀਅਰ ਗਾਈਡੈਂਸ ਸੈਮੀਨਾਰ ਕਰਵਾਇਆ ਗਿਆ, ਇਸ ਸੈਮੀਨਾਰ 'ਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਰੋਜ਼ਗਾਰ ਦੇ ਮੌਕਿਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਸੈਮੀਨਾਰ ਦੌਰਾਨ ਮੁੱਖ ਬੁਲਾਰੇ ਸੇਵਾਮੁਕਤ ਪਿ੍ੰਸੀਪਲ ਡਾ. ਕਮਲਜੀਤ ਸਿੰਘ ਅਤੇ ਖ਼ੁਰਾਕ ਵਿਭਾਗ ਦੇ ਸੇਵਾਮੁਕਤ ਮੈਨੇਜਰ ਤਰਲੋਚਨ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਹਾਸਲ ਕਰਨ ਲਈ ਮਿਹਨਤ, ਅਨੁਸ਼ਾਸਨ ਅਤੇ ਸਹੀ ਦਿਸ਼ਾ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਟੀਚੇ ਨਿਰਧਾਰਿਤ ਕਰਕੇ ਪੂਰੀ ਲਗਨ ਨਾਲ ਅੱਗੇ ਵਧਣ ਤਾਂ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ | ਸੈਮੀਨਾਰ ਦੌਰਾਨ ਪ੍ਰੋਗਰਾਮ ਅਫ਼ਸਰ ਭਿੰਦਰ ਸਿੰਘ ਅਤੇ ਜ਼ੋਨ ਇੰਚਾਰਜ ਸੁਖਬੀਰ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਕੂਲ ਮੁਖੀ ਜਗਸੀਰ ਸਿੰਘ, ਸਹਾਇਕ ਪਿ੍ੰਸੀਪਲ ਗੁਰਮੀਤ ਕੌਰ ਵਲੋਂ ਪੁੱਜੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਪ੍ਰੀਤ ਕੌਰ, ਚਰਨਜੀਤ ਕੌਰ, ਗੁਰਜੀਤ ਸਿੰਘ, ਹਰਦੀਪ ਸਿੰਘ, ਮੰਚ ਸੰਚਾਲਕ ਪਿੰਦਰਜੀਤ ਕੌਰ, ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ |