21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਜ਼ਿਲ੍ਹਾ ਮਲੇਰਕੋਟਲਾ 'ਚ ਐਸ. ਆਈ. ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਭਰੋਸੇਯੋਗ ਬਣਾਉਣ ਲਈ ਸਿਆਸੀ ਪਾਰਟੀਆਂ ਦਾ ਸਹਿਯੋਗ ਜ਼ਰੂਰੀ - ਡੀ. ਸੀ.

Ad Position 21
No active advertisement
ਅਜੀਤ ਡੈਸਕ 19-05-2026
ਮਲੇਰਕੋਟਲਾ, 18 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਮਲੇਰਕੋਟਲਾ ਵੱਲੋਂ ਅੱਜ ਜ਼ਿਲ੍ਹੇ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪਾਰਟੀਆਂ ਨੂੰ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ ਗਿਆ | ਉਨ੍ਹਾਂ ਕਿਹਾ ਕਿ ਬੀ.ਐਲ.ਏ. ਦੀ ਮੌਜੂਦਗੀ ਨਾਲ ਐਸ.ਆਈ.ਆਰ. ਦੀ ਪ੍ਰਕਿਰਿਆ ਹੋਰ ਵਧੇਰੇ ਭਰੋਸੇਯੋਗ ਅਤੇ ਪਾਰਦਰਸ਼ੀ ਬਣੇਗੀ | ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ | ਉਨ੍ਹਾਂ ਕਿਹਾ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਮਲੇਰਕੋਟਲਾ ਜ਼ਿਲ੍ਹੇ ਦੇ 03 ਲੱਖ 24 ਹਜਾਰ 259 ਵੋਟਰਾਂ ਵਿੱਚੋਂ 02 ਲੱਖ 89 ਹਜਾਰ 085 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 89.15 ਫੀਸਦ ਬਣਦੀ ਹੈ | ਦਿਹਾਤੀ ਖੇਤਰਾਂ ਵਿੱਚ 91.87 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 84.95 ਫੀਸਦੀ ਮੈਪਿੰਗ ਹੋ ਚੁੱਕੀ ਹੈ | ਡੀ. ਸੀ. ਨੇ ਆਖਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ ਹਜ਼ਾਰਾਂ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਚੋਣ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦਕਿ ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਣਗੇ | ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ | ਚੋਣ ਕਮਿਸ਼ਨ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਹਟਾਉਣਾ ਹੈ | ਐਸ.ਆਈ.ਆਰ. ਦੌਰਾਨ ਵੋਟਰਾਂ ਦੀ ਸਹੂਲਤ ਲਈ ਟੋਲ-ਫਰੀ ਨੰਬਰ 1950 ਚੌਵੀ ਘੰਟੇ ਕਾਰਗਰ ਰਹੇਗਾ, ਜਿਸ ਰਾਹੀਂ ਲੋਕ ਆਪਣੀਆਂ ਸ਼ੰਕਾਵਾਂ, ਸੁਝਾਅ ਜਾਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ |ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਸੰਕਾ ਦੂਰ ਕਰਦਿਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਆਈ.ਆਰ. ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਅਤੇ ਪਛਾਣ ਸਬੰਧੀ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣੇ ਹੋਣਗੇ। ਉਨ੍ਹਾਂ ਕਿਹਾ ਕਿ ਜਨਮ ਮਿਤੀ ਅਤੇ ਜਨਮ ਸਥਾਨ ਦੀ ਪੁਸ਼ਟੀ ਲਈ ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ ਸਰਟੀਫਿਕੇਟ, ਸਰਕਾਰੀ ਪਛਾਣ ਪੱਤਰ, ਸਥਾਈ ਨਿਵਾਸ ਸਰਟੀਫਿਕੇਟ ਜਾਂ ਹੋਰ ਮਨਜ਼ੂਰਸ਼ੁਦਾ ਦਸਤਾਵੇਜ਼ ਵਰਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ ਅਤੇ ਲੋੜ ਪੈਣ 'ਤੇ ਵੋਟਰਾਂ ਨਾਲ ਦੁਬਾਰਾ ਸੰਪਰਕ ਵੀ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਅਤੇ ਪੂਰੀ ਜਾਣਕਾਰੀ ਮੁਹੱਈਆ ਕਰਵਾ ਕੇ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸ਼ੁੱਧ ਅਤੇ ਭਰੋਸੇਯੋਗ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਰਿੰਦਰ ਸਿੰਘ ਢਿਲੋ, ਜ਼ਿਲਾ ਮੀਡੀਆ ਇੰਚਾਰਜ ਕਾਂਗਰਸ ਮੁਹੰਮਦ ਅਨਵਰ ਮਹਿਬੂਬ,ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਲਵਾਰਾ ਸਿੰਘ, ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਜਨਰਲ ਸਕੱਤਰ ਬੀ.ਜੇ.ਪੀ ਸੰਦੀਪ ਸੂਦ ,ਸੂਬਾ ਪ੍ਰਧਾਨ ਆਈ.ਯੂ.ਐਮ.ਐਲ ਮਹਿਮੂਦ ਅਹਿਮਦ ਥਿੰਦ, ਜ਼ਿਲਾ ਸਕੱਤਰ ਸੀ.ਪੀ.ਆਈ.(ਐਮ) ਅਬਦੁਲ ਸਤਾਰ, ਸੀ.ਪੀ.ਆਈ.(ਐਮ) ਤੋਂ ਅਬਦੁੱਲ ਸਤਾਰ, ਜ਼ਿਲ੍ਹਾ ਸਕੱਤਰ ਬੀ.ਐਸ.ਪੀ ਸ਼ਮਸ਼ਾਦ ਅਨਸਾਰੀ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 31,000 ਤਨਖਾਹ ਕਟੌਤੀ ਦੇ ਰੋਸ ਵਜੋਂ 23 ਮਈ ਨੂੰ ਮੰਤਰੀ ਦੇ ਘਰ ਬੱਚੇ ਛੱਡਣ ਜਾਣਗੇ 1007 ਦਫਤਰੀ ਮੁਲਾਜ਼ਮ ਅਗਲੀ ਖ਼ਬਰ ਮਲੇਰਕੋਟਲਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਅਹਿਮ ਮੀਟਿੰਗ
Ad Position 24