ਚੀਮਾ ਮੰਡੀ, 21 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚੋ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਕੌਰ ਨੇ ਪੰਜਾਬ ਦੀ ਮੈਰਿਟ ਸੂਚੀ ਵਿੱਚ 15ਵਾਂ ਰੈਂਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮਾਣਮੱਤੀ ਪ੍ਰਾਪਤੀ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਵਿੰਦਰ ਕੌਰ ਵੱਲੋਂ ਦਸਵੀਂ ਜਮਾਤ 'ਚੋ ਮੈਰਿਟ ਹਾਸਲ ਕਰਨ ਵਾਲੇ ਸੰਗਰੂਰ ਜ਼ਿਲ੍ਹੇ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਮੈਰਿਟ 'ਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ, ਜਿਸ ਦੇ ਤਹਿਤ ਹੀ ਹਰਲੀਨ ਕੌਰ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਜਗਸੀਰ ਸਿੰਘ ਨੇ ਕਿਹਾ ਕਿ ਹਰਲੀਨ ਕੌਰ ਨੇ ਆਪਣੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਰਹਿਨੁਮਾਈ ਹੇਠ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਕੂਲ ਦੇ ਅਧਿਆਪਕਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਵਿਦਿਆਰਥਣ ਨੇ ਪੰਜਾਬ ਦੀ ਮੈਰਿਟ ਸੂਚੀ ਵਿੱਚ ਸਥਾਨ ਬਣਾਇਆ ਹੈ | ਇਸ ਮੌਕੇ ਉਪ ਪਿ੍ੰਸੀਪਲ ਗੁਰਮੀਤ ਕੌਰ, ਜਮਾਤ ਇੰਚਾਰਜ ਪਿੰਦਰਜੀਤ ਸਿੰਘ ਵਿਦਿਆਰਥਣ ਦੇ ਮਾਤਾ ਕੁਲਦੀਪ ਕੌਰ ਤੋ ਇਲਾਵਾ ਹੋਰ ਅਧਿਆਪਕ ਵੀ ਮੌਜੂਦ ਸਨ | 21ਐਸਐਨਜੀ30