ਮਲੇਰਕੋਟਲਾ, 22 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਜ਼ਿਲ੍ਹਾ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵਲੋਂ ਜ਼ਿਲ੍ਹੇ ਅੰਦਰ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ | ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਦੀ ਕਾਰਜਪ੍ਰਣਾਲੀ ਵਿਚ ਪਾਰਦਰਸ਼ਤਾ ਤੇ ਹੋਰ ਜ਼ਿਆਦਾ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਹਦਾਇਤ ਕੀਤੀ ਕਿ ਅਦਾਲਤਾਂ ਵਿਚ ਲੰਬਿਤ ਮਾਲ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇ ਤੇ ਰੋਜ਼ਾਨਾ ਰਿਪੋਰਟ ਉਨ੍ਹਾਂ ਦੇ ਦਫ਼ਤਰ ਨੂੰ ਮੁਹੱਈਆ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾਵਾਂ ਦੇ ਨਿਪਟਾਰੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਉਨ੍ਹਾਂ ਈਜ਼ੀ ਰਜਿਸਟਰੇਸ਼ਨ, ਈਜ਼ੀ ਜਮ੍ਹਾਂਬੰਦੀ ਤੇ ਆਨਲਾਈਨ ਮਿਊਟੇਸ਼ਨ ਨਾਲ ਸੰਬੰਧਿਤ ਰਿਪੋਰਟਾਂ ਦੀ ਸਮੀਖਿਆ ਕੀਤੀ ਤੇ ਲੰਬਿਤ ਪਏ ਜ਼ਮੀਨੀ ਮਾਲੀਏ ਦੀ ਵਸੂਲੀ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਆਮ ਲੋਕਾਂ ਲਈ ਹੋਰ ਸਰਲ, ਸੁਗਮ ਅਤੇ ਪਾਰਦਰਸ਼ੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਭੂਮੀ ਅਧਿਗ੍ਰਹਿਣ ਨਾਲ ਸੰਬੰਧਿਤ ਚੱਲ ਰਹੇ ਮਾਮਲਿਆਂ, ਖਸਰਾ-ਵਾਈਜ਼ ਮੈਪਿੰਗ, ਪੈਂਡਿੰਗ ਇੰਤਕਾਲਾਂ, ਜਮ੍ਹਾਂਬੰਦੀਆਂ ਅਤੇ ਨਿਸ਼ਾਨਦੇਹੀ ਦੇ ਕੇਸਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ | ਉਨ੍ਹਾਂ ਸਿਵਲ ਕੰਮਾਂ ਨਾਲ ਸੰਬੰਧਿਤ ਯੂਟਿਲਿਟੀ ਸਰਟੀਫਿਕੇਟ (ਯੂ. ਸੀ.) ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਹਦਾਇਤ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿਚ ਹੋਰ ਤੇਜ਼ੀ ਅਤੇ ਪ੍ਰਭਾਵਸ਼ੀਲਤਾ ਲਿਆਉਣ ਲਈ ਕਿਹਾ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਸਵਾਮਿਤਵਾ ਸਕੀਮ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਜਾਇਦਾਦੀ ਹੱਕਾਂ ਨਾਲ ਸੰਬੰਧਿਤ ਮਾਮਲਿਆਂ ਦਾ ਨਿਪਟਾਰਾ ਤਰਜੀਹ ਦੇ ਆਧਾਰ 'ਤੇ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਕੀਮ ਦਾ ਲਾਭ ਸਮੇਂ ਸਿਰ ਪ੍ਰਾਪਤ ਹੋ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐਸ. ਡੀ. ਐਮ. ਮਲੇਰਕੋਟਲਾ ਕਨੂ ਗਰਗ, ਐਸ. ਡੀ. ਐਮ. ਅਹਿਮਦਗੜ੍ਹ/ਅਮਰਗੜ੍ਹ ਹਰਬੰਸ ਸਿੰਘ, ਤਹਿਸੀਲਦਾਰ ਰਿਤੂ ਗੁਪਤਾ, ਡੀ. ਡੀ. ਪੀ. ਓ. ਰੂਪ ਸਿੰਘ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਏ. ਐਸ. ਐਮ. ਵਿਕਾਸ ਹੰਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |