ਸੰਗਰੂਰ, 24 ਮਈ (ਧੀਰਜ ਪਸੋਰੀਆ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਪਹਿਲਾਂ ਗੈਸ ਸਿਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਜਾ ਰਹੇ ਲਗਾਤਾਰ ਵਾਧੇ ਨਾਲ ਆਮ ਲੋਕਾਂ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਕਿਹਾ ਕਿ ਵੋਟਾਂ ਤੋਂ ਤੁਰੰਤ ਬਾਅਦ ਉਪਰੋਕਤ ਕੀਮਤਾਂ 'ਚ ਵਾਧਾ ਕਰਨਾ ਲੋਕਾਂ ਨਾਲ ਸਿੱਧਾ ਧੋਖਾ ਹੈ | ਮਹਿੰਗਾਈ ਨੇ ਪਹਿਲਾਂ ਹੀ ਲੋਕਾਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ, ਹੁਣ ਵਾਰ ਵਾਰ ਪੈਟਰੋਲ, ਡੀਜ਼ਲ ਤੇ ਸੀ.ਐਨ.ਜੀ. ਦੀਆਂ ਕੀਮਤਾਂ 'ਚ ਕੀਤੇ ਵਾਧੇ ਨੇ ਗਰੀਬ ਅਤੇ ਮੱਧ ਵਰਗੀ ਲੋਕਾਂ ਦੇ ਘਰਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ | ਇਸ ਦਾ ਅਸਰ ਰੋਜ਼ਮਰਾ ਦੀਆਂ ਜ਼ਰੂਰੀ ਵਸਤਾਂ 'ਤੇ ਪੈ ਰਿਹਾ ਹੈ ਜਿਸ ਨਾਲ ਮਹਿੰਗਾਈ ਰੋਜ਼ਾਨਾ ਨਵੀਆਂ ਉਚਾਈਆਂ 'ਤੇ ਪਹੁੰਚ ਰਹੀ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਵਾਧੇ ਨੂੰ ਵਾਪਸ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ |