ਧੂਰੀ, 25 ਮਈ (ਲਖਵੀਰ ਸਿੰਘ ਧਾਂਦਰਾ) ਅੱਜ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਸਨਮੁਖ, ਜ਼ਿਲ੍ਹਾ ਪੁਲਿਸ ਮੁਖੀ ਮੈਡਮ ਰਵਜੋਤ ਗਰੇਵਾਲ (ਆਈ.ਪੀ.ਐਸ.) ਦੀ ਅਗਵਾਈ ਹੇਠ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ | ਇਸ ਮਾਰਚ ਵਿੱਚ ਡੀ.ਐਸ.ਪੀ. ਧੂਰੀ ਗੁਰਪ੍ਰੀਤ ਸਿੰਘ, ਥਾਣਾ ਸਿਟੀ ਦੇ ਮੁਖੀ ਜਸਵੀਰ ਸਿੰਘ ਤੂਰ, ਥਾਣਾ ਸਦਰ ਦੇ ਮੁਖੀ ਕਰਨਵੀਰ ਸਿੰਘ ਸੰਧੂ ਅਤੇ ਥਾਣਾ ਸ਼ੇਰਪੁਰ ਦੇ ਮੁਖੀ ਗੁਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਸ ਫਲੈਗ ਮਾਰਚ ਦਾ ਮੁੱਖ ਮਨੋਰਥ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਨਿਡਰਤਾ ਦੀ ਭਾਵਨਾ ਪੈਦਾ ਕਰਨਾ ਹੈ, ਤਾਂ ਜੋ ਉਹ ਬਿਨ੍ਹਾਂ ਕਿਸੇ ਡਰ-ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ | ਇਸ ਦੇ ਨਾਲ ਹੀ ਉਨ੍ਹਾਂ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਜਾਂ ਖ਼ਲਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪ੍ਰਸ਼ਾਸਨ ਚੋਣਾਂ ਨੂੰ ਪੂਰਨ ਅਮਨ-ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਸੁਰੱਖਿਆ ਪ੍ਰਬੰਧਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਜ਼ਿਲ੍ਹੇ ਭਰ ਵਿੱਚ 900 ਪੁਲਿਸ ਜਵਾਨਾਂ ਦੀ ਤਾਇਨਾਤੀ ਕੀਤੀ ਗਈ ਹੈ, ਜਦਕਿ 200 ਵਿਸ਼ੇਸ਼ ਜਵਾਨ ਪੋਲਿੰਗ ਬੂਥਾਂ ਦੀ ਸੁਰੱਖਿਆ ਸੰਭਾਲਣਗੇ | ਇਸ ਤੋਂ ਇਲਾਵਾ ਸ਼ੱਕੀ ਹਰਕਤਾਂ 'ਤੇ ਨਜ਼ਰ ਰੱਖਣ ਲਈ ਵੱਖ-ਵੱਖ ਪੈਟਰੋਲਿੰਗ ਟੀਮਾਂ ਦਾ ਗਠਨ ਕੀਤਾ ਗਿਆ ਹੈ | ਵੋਟ ਦੀ ਅਹਿਮੀਅਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦਾ ਸਭ ਤੋਂ ਪਵਿੱਤਰ ਦਿਨ ਹੁੰਦਾ ਹੈ | ਉਨ੍ਹਾਂ ਪੁਲਿਸ ਫੋਰਸ ਨੂੰ ਵੀ ਹਦਾਇਤ ਕੀਤੀ ਕਿ ਚੋਣਾਂ ਵਿੱਚ ਗੜਬੜੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨਾਲ ਸਖ਼ਤੀ ਨਾਲ ਨਿਪਟਿਆ ਜਾਵੇ |