ਅਮਰਗੜ੍ਹ, 25 ਮਈ (ਪਵਿੱਤਰ ਸਿੰਘ) - ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ | ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਲਈ ਸਥਾਪਿਤ 11 ਪੋਲਿੰਗ ਬੂਥਾਂ 'ਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੰਜਾਮ ਦੇਣ ਲਈ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ ਦੀ ਦੇਖ-ਰੇਖ 'ਚ ਪੋਲਿੰਗ ਪਾਰਟੀਆਂ ਨੂੰ ਚੋਣ ਸਮਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ, ਜੋ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਪੁੱਜ ਚੁੱਕੀਆਂ ਹਨ | ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਚੋਣਾਂ ਦੌਰਾਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ | ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਡਿਊਟੀ ਨੂੰ ਪੂਰੀ ਨਿਰਪੱਖਤਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ | ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |